
Skip to content

ਲੰਡਨ ‘ਚ ਫ਼ਿਰੋਜ਼ਪੁਰ ਦੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ, 22 ਦਿਨਾਂ ਬਾਅਦ ਵੀ ਪਰਿਵਾਰ ਕਰ ਰਿਹਾ ਮ੍ਰਿਤਕ ਦੇਹ ਦੀ ਉਡੀਕ
ਫ਼ਿਰੋਜ਼ਪੁਰ (ਅਰਸ਼ਦੀਪ ਸਿੰਘ ਕਾਲੜਾ) :- ਜ਼ਿਲ੍ਹੇ ਦੇ ਪਿੰਡ ਸੂਬਾ ਕਦੀਮ ਦੇ 26 ਸਾਲਾ ਨੌਜਵਾਨ ਸਹਿਜੀਤ ਸਿੰਘ ਦੀ ਲੰਡਨ ਵਿੱਚ ਭੇਤਭਰੀ ਹਾਲਤ ‘ਚ ਮੌਤ ਹੋ ਜਾਣ ਨਾਲ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਸਹਿਜੀਤ ਸਿੰਘ ਸਾਲ 2021 ਵਿੱਚ ਸਟੱਡੀ ਵੀਜ਼ੇ ‘ਤੇ ਲੰਡਨ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉੱਥੇ ਵਰਕ ਪਰਮਿਟ ‘ਤੇ ਇੱਕ ਸ਼ਾਪਿੰਗ ਮਾਲ ਵਿੱਚ ਸੇਲਜ਼ਮੈਨ ਵਜੋਂ ਨੌਕਰੀ ਕਰ ਰਿਹਾ ਸੀ।
ਪਰਿਵਾਰਕ ਜਾਣਕਾਰੀ ਮੁਤਾਬਕ ਸਹਿਜੀਤ ਇਸੇ ਮਹੀਨੇ ਦੇ ਅਖੀਰ ਵਿੱਚ ਕਰੀਬ ਪੰਜ ਸਾਲਾਂ ਬਾਅਦ ਆਪਣੇ ਪਿੰਡ ਪਰਤਣ ਦੀ ਤਿਆਰੀ ਕਰ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦੁਖਦਾਈ ਘਟਨਾ ਵਾਪਰ ਗਈ।
ਮ੍ਰਿਤਕ ਦੇ ਪਿਤਾ ਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਆਖਰੀ ਵਾਰ 13 ਜੂਨ ਨੂੰ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ। ਉਸ ਸਮੇਂ ਸਹਿਜੀਤ ਬਿਲਕੁਲ ਆਮ ਅਤੇ ਖੁਸ਼ ਨਜ਼ਰ ਆ ਰਿਹਾ ਸੀ। ਪਰਿਵਾਰ ਉਸ ਦੇ ਘਰ ਪਰਤਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਕੁਝ ਦਿਨਾਂ ਤੱਕ ਸਹਿਜੀਤ ਨਾਲ ਸੰਪਰਕ ਨਾ ਹੋਣ ਕਾਰਨ ਚਿੰਤਾ ਵਧ ਗਈ। ਇਸ ਦੌਰਾਨ ਉਸ ਦੇ ਇੱਕ ਦੋਸਤ ਨੇ ਜਦੋਂ ਉਸ ਦੇ ਫ਼ੋਨ ‘ਤੇ ਵਾਰ-ਵਾਰ ਕਾਲ ਕੀਤੀ ਤਾਂ ਫ਼ੋਨ ਇੱਕ ਪੁਲਿਸ ਅਧਿਕਾਰੀ ਨੇ ਚੁੱਕਿਆ। ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਸਹਿਜੀਤ ਇੱਕ ਪਾਰਕ ਵਿੱਚ ਬੇਹੋਸ਼ ਹਾਲਤ ਵਿੱਚ ਮਿਲਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵੀਰ ਸਿੰਘ ਨੇ ਦੱਸਿਆ ਕਿ ਪੁੱਤਰ ਦੀ ਮੌਤ ਨੂੰ 22 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਉਸ ਦੀ ਮ੍ਰਿਤਕ ਦੇਹ ਭਾਰਤ ਨਹੀਂ ਪਹੁੰਚੀ। ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਨੂੰ ਜਲਦੀ ਪੂਰਾ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ, ਤਾਂ ਜੋ ਸਹਿਜੀਤ ਦਾ ਉਸ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਜਾ ਸਕੇ।

Related