ਫਗਵਾੜਾ (ਅਰਸ਼ਦੀਪ ਸਿੰਘ ਕਾਲੜਾ)  : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਨੇ ਰਾਜਸਥਾਨ ਅਤੇ ਬਿਹਾਰ ਨਾਲ ਸਬੰਧਤ ਦੋ ਹੋਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਐਲ.ਪੀ.ਯੂ. ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।

ਗ੍ਰਿਫ਼ਤਾਰ ਕੀਤੇ ਗਏ ਰਾਜਸਥਾਨ ਦੇ ਵਿਦਿਆਰਥੀ ਯੋਗੇਸ਼ ਅਪੂਰਵ ਨੂੰ ਫਗਵਾੜਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਦੂਜੇ ਗ੍ਰਿਫ਼ਤਾਰ ਵਿਦਿਆਰਥੀ ਦੀ ਪਛਾਣ ਬਿਹਾਰ ਦੇ ਆਦਿਤਿਆ ਕੁਮਾਰ ਵਜੋਂ ਹੋਈ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਗਗਨ, ਜੇਮਜ਼ ਦਹੀਆ ਅਤੇ ਅਭੀ ਨਾਮਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਹਿੰਸਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ ਐਲ.ਪੀ.ਯੂ. ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਹੋਏ ਸਨ ਅਤੇ ਪੁਲਿਸ ਨਾਲ ਝੜਪਾਂ ਵੀ ਹੋਈਆਂ ਸਨ। ਇਸ ਦੌਰਾਨ ਛੇ ਪੁਲਿਸ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਸੀ।

ਪੁਲਿਸ ਸੂਤਰਾਂ ਮੁਤਾਬਕ ਹਿੰਸਾ ਵਿੱਚ ਸ਼ਾਮਲ ਕਈ ਹੋਰ ਵਿਦਿਆਰਥੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਇੱਕ ਵਿਦਿਆਰਥਣ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕਰਨ, ਦੂਜੀ ਲੁੱਟ ਅਤੇ ਭੰਨਤੋੜ, ਤੀਜੀ ਹਾਈਵੇਅ ਰੋਕਣ ਅਤੇ ਚੌਥੀ ਸਰਕਾਰੀ ਵਾਹਨਾਂ ਨੂੰ ਅੱਗ ਲਗਾਉਣ ਨਾਲ ਸਬੰਧਤ ਹੈ।

ਪੁਲਿਸ ਅਨੁਸਾਰ ਹੁਣ ਤੱਕ 21 ਵਿਅਕਤੀਆਂ ਦੇ ਨਾਮ ਸਾਹਮਣੇ ਆ ਚੁੱਕੇ ਹਨ ਅਤੇ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 9 ਐਲ.ਪੀ.ਯੂ. ਦੇ ਵਿਦਿਆਰਥੀ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।