Skip to content
ਲੁਧਿਆਣਾ–ਜਲੰਧਰ ਬਾਈਪਾਸ ’ਤੇ ਡਾ. ਅੰਬੇਡਕਰ ਜੀ ਦੇ ਬੁੱਤ ਦੇ ਬਾਹਰ ਲੱਗੇ ਸ਼ੀਸ਼ੇ ਤੋੜਨ ਦੀ ਘਟਨਾ ਦੀ ਲੱਖਾ ਸਿੰਘ ਵੱਲੋਂ ਸਖ਼ਤ ਨਿਖੇਧੀ
ਦੋਸ਼ੀਆਂ ਦੀ ਪਛਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਟੁੱਟੇ ਸ਼ੀਸ਼ੇ ਤੁਰੰਤ ਬਦਲਣ ਦੀ ਕੀਤੀ ਮੰਗ
ਲੁਧਿਆਣਾ/ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਲੁਧਿਆਣਾ–ਜਲੰਧਰ ਬਾਈਪਾਸ ਰੋਡ ’ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੇ ਬਾਹਰ ਲੱਗੇ ਸ਼ੀਸ਼ੇ ਤੋੜਨ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਵਰਗਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਲੱਖਾ ਸਿੰਘ, ਸਾਬਕਾ ਮੈਂਬਰ ਕਮਿਸ਼ਨ, ਪੰਜਾਬ ਸਰਕਾਰ ਨੇ ਇਸ ਨੂੰ ਬੇਹੱਦ ਮੰਦਭਾਗੀ, ਦੁਖਦਾਈ ਅਤੇ ਨਿੰਦਣਯੋਗ ਕਰਾਰ ਦਿੱਤਾ।
ਲੱਖਾ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਸਿਰਫ਼ ਕਿਸੇ ਇੱਕ ਵਰਗ ਦੇ ਆਗੂ ਨਹੀਂ ਸਨ, ਸਗੋਂ ਉਹ ਪੂਰੇ ਦੇਸ਼ ਦੇ ਮਹਾਨ ਆਗੂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਵਿੱਚ ਬਰਾਬਰਤਾ, ਸਿੱਖਿਆ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਮਰਪਿਤ ਕੀਤਾ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਬੁੱਤ ਦੇ ਬਾਹਰ ਟੁੱਟੇ ਹੋਏ ਸ਼ੀਸ਼ਿਆਂ ਨੂੰ ਵੀ ਤੁਰੰਤ ਦੁਬਾਰਾ ਲਗਵਾਇਆ ਜਾਵੇ।
ਅੰਤ ਵਿੱਚ ਲੱਖਾ ਸਿੰਘ ਨੇ ਸਮੂਹ ਸਮਾਜ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੇ ਸਨਮਾਨ ਅਤੇ ਉਨ੍ਹਾਂ ਦੀ ਵਿਰਾਸਤ ਦੀ ਰੱਖਿਆ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਲੱਖਾ ਸਿੰਘ\
ਸਾਬਕਾ ਮੈਂਬਰ ਕਮਿਸ਼ਨ, ਪੰਜਾਬ ਸਰਕਾਰ
Related