ਲੁਟੇਰਿਆਂ ਦੇ ਹੌਸਲੇ ਬੁਲੰਦ! ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਫ਼ਰਾਰ

ਲੁਧਿਆਣਾ: ਮਹਾਨਗਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਬਦਮਾਸ਼ਾਂ ਵਿੱਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਰੱਖ ਬਾਗ ਦੇ ਸਾਹਮਣੇ ਦੋ ਅਣਪਛਾਤੇ ਲੁਟੇਰਿਆਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਉਸ ਦਾ ਮੋਟਰਸਾਈਕਲ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਪੀੜਤ ਅਮਨ ਸ਼ਰਮਾ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।

ਅਮਨ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ 7 ਜੂਨ ਨੂੰ ਉਸ ਦੇ ਦੋਸਤ ਸਹਿਬਾਜ਼ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ। ਉਹ ਆਪਣੇ ਦੋਸਤ ਲਈ ਦਵਾਈ ਲੈਣ ਵਾਸਤੇ ਆਪਣੀ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਈਕਲ (ਨੰਬਰ PB02BY-2490) ’ਤੇ ਡੀਐਮਸੀ ਹਸਪਤਾਲ ਵੱਲ ਜਾ ਰਿਹਾ ਸੀ। ਜਦੋਂ ਉਹ ਰੱਖ ਬਾਗ ਦੇ ਸਾਹਮਣੇ ਪਹੁੰਚਿਆ ਤਾਂ ਪਾਰਕਿੰਗ ਵਾਲੇ ਪਾਸੇ ਤੋਂ ਦੋ ਅਣਪਛਾਤੇ ਨੌਜਵਾਨ ਤੇਜ਼ਧਾਰ ਹਥਿਆਰ ਲਹਿਰਾਉਂਦੇ ਹੋਏ ਉਸ ਦੇ ਸਾਹਮਣੇ ਆ ਗਏ।

ਲੁਟੇਰਿਆਂ ਨੇ ਉਸ ਦਾ ਰਸਤਾ ਰੋਕ ਲਿਆ ਅਤੇ ਹਥਿਆਰਾਂ ਦੀ ਨੋਕ ’ਤੇ ਡਰਾ-ਧਮਕਾ ਕੇ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ ’ਤੇ ਦੋਸ਼ੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।