ਬਰਨਾਲਾ, (ਅਮਿਤ ਨਖਵਾਲ):  ਬਰਨਾਲਾ ਪੁਲਿਸ ਨੇ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਮਹਿਲ ਕਲਾਂ ਪੁਲਿਸ ਅਤੇ ਸੀ.ਆਈ.ਏ. ਸਟਾਫ ਦੀ ਸਾਂਝੀ ਟੀਮ ਵੱਲੋਂ ਸਵੇਰੇ ਕਰੀਬ 5:30 ਵਜੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ।

ਪੁਲਿਸ ਅਨੁਸਾਰ, ਨਾਕਾਬੰਦੀ ਦੌਰਾਨ ਇੱਕ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਕਾਰ ਸਵਾਰਾਂ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਸਥਿਤੀ ਨੂੰ ਦੇਖਦੇ ਹੋਏ ਪੁਲਿਸ ਨੇ ਕਾਨੂੰਨੀ ਕਾਰਵਾਈ ਤਹਿਤ ਜਵਾਬੀ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਗੁਰਸ਼ਰਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੋਂ ਇੱਕ ਵਰਨਾ ਕਾਰ, ਇੱਕ .32 ਬੋਰ ਪਿਸਟਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਟਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੂਰੀ ਕਾਰਵਾਈ ਪਹਿਲਾਂ ਤੋਂ ਮਿਲੀ ਖੁਫੀਆ ਸੂਚਨਾ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ। ਫਿਲਹਾਲ ਦੋਵੇਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਪਰਾਧਿਕ ਰਿਕਾਰਡ, ਗੈਂਗ ਨਾਲ ਸਬੰਧ ਅਤੇ ਹੋਰ ਸਾਥੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਬਰਨਾਲਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਗੈਂਗਸਟਰਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

ਰਿਪੋਰਟ: ਅਮਿਤ ਨਖਵਾਲ