ਜਲੰਧਰ/ਅਮਿਤ ਨੱਖਵਾਲ : ਪੰਜਾਬ ਬੰਦ ਦੇ ਸੱਦੇ ਦਾ ਅੱਜ ਜਲੰਧਰ ਸ਼ਹਿਰ ਵਿੱਚ ਵੀ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਬੰਦ ਦੇ ਸਮਰਥਨ ਵਿੱਚ ਦੁਕਾਨਦਾਰਾਂ ਵੱਲੋਂ ਵੀ ਆਪਣੇ ਕਾਰੋਬਾਰ ਬੰਦ ਰੱਖੇ ਗਏ ਹਨ, ਜਿਸ ਕਾਰਨ ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਪੂਰੀ ਤਰ੍ਹਾਂ ਸਨਾਟਾ ਛਾਇਆ ਹੋਇਆ ਹੈ। ਬੰਦ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਚੌਕਾਂ ’ਤੇ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਬਾਜ਼ਾਰ ਅਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੰਦ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਵੱਲੋਂ ਵੀ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ, ਜਿਸ ਕਾਰਨ ਅੱਜ ਪ੍ਰਾਈਵੇਟ ਸਕੂਲ ਬੰਦ ਰਹੇ।

ਦੱਸਣਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਤੇ ਗਏ ਇਸ ਸੱਦੇ ਦਾ ਅਸਰ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਬੰਦ ਦੌਰਾਨ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਲਈ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਗਿਆ ਹੈ।

ਰਿਪੋਰਟ :- ਅਮਿਤ ਨੱਖਵਾਲ