
Skip to content

ਅਮਿਤ ਨਖਵਾਲ (ਚੰਡੀਗੜ੍ਹ): ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਦਾਲਤ ਦੇ ਹੁਕਮਾਂ ‘ਤੇ ਆਪਣੇ ਮਕਾਨ ਦਾ ਕਬਜ਼ਾ ਲੈਣ ਪਹੁੰਚੀ ਇੱਕ ਮਹਿਲਾ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮਨਵਿੰਦਰ ਕੌਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਆਪਣੇ ਮਕਾਨ ਦਾ ਕਬਜ਼ਾ ਲੈਣ ਮੌਕੇ ‘ਤੇ ਪਹੁੰਚੀ ਸੀ। ਇਸ ਦੌਰਾਨ ਅਦਾਲਤੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਪੁਲਿਸ ਮੁਲਾਜ਼ਮ ਵੀ ਉਸ ਦੇ ਨਾਲ ਮੌਜੂਦ ਸਨ।
ਦੋਸ਼ ਹੈ ਕਿ ਮਕਾਨ ‘ਤੇ ਕਬਜ਼ਾ ਕਰਕੇ ਬੈਠੇ ਇੱਕ ਵਕੀਲ ਨੇ ਅਚਾਨਕ ਮਨਵਿੰਦਰ ਕੌਰ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਘਟਨਾ ਤੋਂ ਬਾਅਦ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚਲਾਉਣ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰਿਪੋਰਟ: ਅਮਿਤ ਨਖਵਾਲ
Related