ਜਲੰਧਰ (ਅਰਸ਼ਦੀਪ ਸਿੰਘ ਕਾਲੜਾ)  : ਭਾਜਪਾ ਕੌਂਸਲਰ ਅਤੇ ਨਗਰ ਨਿਗਮ ਜਲੰਧਰ ਦੇ ਲੀਡਰ ਆਫ਼ ਅਪੋਜ਼ੀਸ਼ਨ ਸ. ਮਨਜੀਤ ਸਿੰਘ ਟੀਟੂ ਨੇ ਸ. ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਬੇਹੱਦ ਚਿੰਤਾਜਨਕ ਹੈ ਅਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪੰਜਾਬ ਦੀ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ।

ਸ. ਟੀਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਭਾਵੇਂ ਸਿੱਖ ਹੋਵੇ ਜਾਂ ਹਿੰਦੂ, ਇਹ ਸਾਰੇ ਪੰਜਾਬ ਦੇ ਭਵਿੱਖ ਹਨ। ਅੱਜ ਲੋੜ ਹੈ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਈ ਜਾਵੇ ਅਤੇ ਉਨ੍ਹਾਂ ਨੂੰ ਨਸ਼ਿਆਂ, ਹਿੰਸਾ ਅਤੇ ਗਲਤ ਰਾਹਾਂ ਤੋਂ ਬਚਾਇਆ ਜਾਵੇ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜਿਹੜੇ ਸਿੱਖ ਨੌਜਵਾਨ ਪੰਜਾਬ ਅਤੇ ਸਮਾਜ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਕਿਸੇ ਨਾ ਕਿਸੇ ਤਰੀਕੇ ਨਾਲ ਵਿਵਾਦਾਂ ਵਿੱਚ ਫਸਾ ਕੇ ਗਲਤ ਪਾਸੇ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਛੋਟੀ ਉਮਰ ਦੇ ਬੱਚੇ ਅਜੇ ਸਮਝਦਾਰ ਨਹੀਂ ਹੁੰਦੇ। ਉਨ੍ਹਾਂ ਨੂੰ ਜਿਸ ਦਿਸ਼ਾ ਵੱਲ ਲਿਜਾਇਆ ਜਾਵੇਗਾ, ਉਹ ਉਸੇ ਪਾਸੇ ਚੱਲ ਪੈਣਗੇ। ਇਸ ਲਈ ਸਿਆਸੀ ਅਤੇ ਸਮਾਜਿਕ ਆਗੂਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਅਤੇ ਬੱਚਿਆਂ ਨੂੰ ਭੜਕਾਉਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ।

ਸ. ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜੀ ਵਾਰ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਵੀ ਲਗਾਈ ਗਈ ਸੀ ਤੇ ਉਦੋ ਵੀ ਉਹਨਾਂ ਦੇ ਉੱਪਰ ਹਮਲਾ ਕਰਨ ਦੀ ਕੋਸ਼ਿਸ਼ ਹੋਈ ਸੀ,। ਉਸ ਸਮੇਂ ਵੀ ਸ. ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚੇ ਸਨ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਸ. ਸੁਖਬੀਰ ਸਿੰਘ ਬਾਦਲ ਆਪਣੇ ਪੂਰੇ ਪਰਿਵਾਰ ਸਮੇਤ ਸ੍ਰੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ/ਪਾਠ ਸਬੰਧੀ ਨਤਮਸਤਕ ਹੋਣ ਲਈ ਪਹੁੰਚੇ ਸਨ, ਤਾਂ ਉੱਥੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਹੋਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।

ਸ. ਟੀਟੂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਸਾਂਝ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਕਿਸੇ ਵੀ ਵਿਅਕਤੀ ਵੱਲੋਂ ਹਿੰਸਾ ਦਾ ਰਾਹ ਅਪਣਾਉਣਾ ਪੰਜਾਬ ਦੀ ਰੂਹ ਦੇ ਵਿਰੁੱਧ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਹਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ ਅਤੇ ਨਸ਼ਿਆਂ ਤੇ ਹਿੰਸਾ ਤੋਂ ਦੂਰ ਰਹਿ ਕੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਹੀ ਪੰਜਾਬ ਦਾ ਭਵਿੱਖ ਹੈ ਅਤੇ ਇਸ ਭਵਿੱਖ ਨੂੰ ਬਚਾਉਣਾ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ।