ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਐਲਐਨਜੇਪੀ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਕਿ ਆਤਿਸ਼ੀ ਰਾਜਧਾਨੀ ‘ਚ ਪਾਣੀ ਦੀ ਕਿੱਲਤ ਕਾਰਨ 21 ਜੂਨ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਸੀ, ਜਿੱਥੇ ਪੰਜਵੇਂ ਦਿਨ ਉਨ੍ਹਾਂ ਦੀ ਸਿਹਤ ਵਿਗੜ ਗਈ। ਡਾਕਟਰਾਂ ਮੁਤਾਬਕ ਆਤਿਸ਼ੀ ਨੇ ਪਿਛਲੇ 5 ਦਿਨਾਂ ਤੋਂ ਕੁਝ ਨਹੀਂ ਖਾਧਾ ਸੀ, ਜਿਸ ਕਾਰਨ ਉਨ੍ਹਾਂ ਦਾ ਸ਼ੂਗਰ ਲੈਵਲ ਡਿੱਗ ਗਿਆ, ਕੀਟੋਨ ਵਧ ਗਿਆ ਅਤੇ ਬਲੱਡ ਪ੍ਰੈਸ਼ਰ ਘੱਟ ਗਿਆ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਤਿਸ਼ੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, “ਜਲ ਮੰਤਰੀ ਆਤਿਸ਼ੀ ਜੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਅੱਧੀ ਰਾਤ ਨੂੰ 43 ਅਤੇ ਤੜਕੇ 3 ਵਜੇ 36 ਹੋ ਗਿਆ, ਜਿਸ ਤੋਂ ਬਾਅਦ LNJP ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਾਖਲ ਕਰਨ ਦੀ ਸਲਾਹ ਦਿੱਤੀ। ਉਹ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾ ਰਹੀ ਹੈ ਅਤੇ ਦਿੱਲੀ ਦੇ ਹਿੱਸੇ ਦਾ ਪਾਣੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰ ਰਹੀ ਹੈ।

    ‘ਆਪ’ ਨੇ ਕਿਹਾ ਕਿ ਡਾਕਟਰਾਂ ਨੇ ਆਤਿਸ਼ੀ ਦੀ ਵਿਗੜਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਹੋਣ ਦੀ ਸਲਾਹ ਦਿੱਤੀ ਹੈ ਪਰ ਉਹ ਆਪਣੀ ਜਾਨ ਖਤਰੇ ‘ਚ ਪਾ ਕੇ ਦਿੱਲੀ ਦੇ ਪਾਣੀ ਦੇ ਹੱਕ ਲਈ ਲੜ ਰਹੀ ਹੈ। ਡਾਕਟਰਾਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ “ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਹੋਣ ਅਤੇ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ” ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ।ਮੰਤਰੀ ਨੇ ਦਾਅਵਾ ਕੀਤਾ ਕਿ ਹਰਿਆਣਾ ਨੇ ਪਿਛਲੇ ਤਿੰਨ ਹਫ਼ਤਿਆਂ ਵਿੱਚ ਰਾਸ਼ਟਰੀ ਰਾਜਧਾਨੀ ਨੂੰ ਛੱਡੇ ਗਏ ਯਮੁਨਾ ਦੇ ਪਾਣੀ ਵਿੱਚ ਦਿੱਲੀ ਦੇ ਹਿੱਸੇ ਵਿੱਚ 100 ਮਿਲੀਅਨ ਗੈਲਨ ਪ੍ਰਤੀ ਦਿਨ (ਐਮਜੀਡੀ) ਦੀ ਕਟੌਤੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 100 ਐਮਜੀਡੀ ਘੱਟ ਪਾਣੀ ਕਾਰਨ ਦਿੱਲੀ ਵਿੱਚ ਪਾਣੀ ਦੀ ਕਿੱਲਤ ਹੈ, ਜਿਸ ਕਾਰਨ ਇੱਥੋਂ ਦੇ 28 ਲੱਖ ਲੋਕ ਪ੍ਰਭਾਵਿਤ ਹੋਏ ਹਨ।