
Skip to content

ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਖਲਲ ਪਾਉਣ ਦੀ ਸਾਜ਼ਿਸ਼ ਦਾ ਖ਼ਦਸ਼ਾ, ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਸ਼ਾਸਨ ਨੂੰ ਸੁਰੱਖਿਆ ਵਧਾਉਣ ਦੀ ਅਪੀਲ
ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਜਾ ਰਿਹਾ ਤੀਜੇ ਪੜਾਅ ਦਾ ਮੀਰੀ-ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਾਰਚ ਦੇ ਆਖਰੀ ਦੋ ਦਿਨਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਲਲ ਪਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਬਗੀਚਾ ਸਿੰਘ ਨੇ ਦੱਸਿਆ ਕਿ ਮਾਰਚ ਦੇ ਤਿੰਨਾਂ ਪੜਾਵਾਂ ਦੌਰਾਨ ਪੰਜਾਬ ਦੇ ਸੈਂਕੜੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮਾਗਮ ਕੀਤੇ ਗਏ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਕਈ ਸਿੱਖ ਨੌਜਵਾਨਾਂ ਨੇ ਸਾਬਤ-ਸੂਰਤ ਸਿੱਖੀ ਸਰੂਪ ਕਾਇਮ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਮਾਰਚ ਵਿੱਚ ਖਲਲ ਪਾ ਕੇ ਸੰਗਤ ਵਿੱਚ ਇਸ ਸਬੰਧੀ ਮਾੜਾ ਪ੍ਰਭਾਵ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਆਖਰੀ ਦੋ ਦਿਨਾਂ ਦੌਰਾਨ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ।
ਬਗੀਚਾ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਰੂਟਾਂ ਅਤੇ ਪੜਾਵਾਂ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਰਚ ਵਿੱਚ ਖਲਲ ਪਾਉਣ ਤੋਂ ਪਹਿਲਾਂ ਹੀ ਰੋਕਿਆ ਜਾਵੇ।

Related