ਜਲੰਧਰ (ਅਮਿਤ ਨਖਵਾਲ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਦੌਰਾਨ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰੇ ਦੌਰਾਨ ਜਿੱਥੇ ਬੁਨਿਆਦੀ ਢਾਂਚੇ, ਸਿਹਤ, ਸਿੱਖਿਆ ਅਤੇ ਰੇਲਵੇ ਨਾਲ ਜੁੜੇ ਪ੍ਰਾਜੈਕਟਾਂ ਨੂੰ ਰਫ਼ਤਾਰ ਦੇਣ ਦਾ ਸੰਦੇਸ਼ ਦਿੱਤਾ ਗਿਆ, ਉੱਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਨੂੰ ਸਿਆਸੀ ਤੌਰ ‘ਤੇ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਹਰਿਆਣਾ ਵਿੱਚ ਪ੍ਰਧਾਨ ਮੰਤਰੀ ਨੇ ਦੇਸ਼ ਦੀ ਪਹਿਲੀ ਹਾਈਡਰੋਜਨ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ, ਜੋ ਜੀਂਦ ਤੋਂ ਸੋਨੀਪਤ ਵਿਚਕਾਰ ਚੱਲੇਗੀ। ਇਸ ਨਾਲ ਭਾਰਤ ਹਾਈਡਰੋਜਨ ਤਕਨਾਲੋਜੀ ਨਾਲ ਰੇਲ ਚਲਾਉਣ ਵਾਲਾ ਦੁਨੀਆ ਦਾ ਛੇਵਾਂ ਦੇਸ਼ ਬਣ ਗਿਆ ਹੈ। ਇਹ ਰੇਲ ਵਾਤਾਵਰਣ ਪੱਖੋਂ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿੱਚ ਧੂੰਆਂ ਨਹੀਂ ਨਿਕਲਦਾ।

ਇਸ ਮੌਕੇ ‘ਤੇ ਲਗਭਗ 15 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਵਿਕਾਸ ਪ੍ਰਾਜੈਕਟਾਂ ਦਾ ਵੀ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਵਿੱਚ ਕੁਰੂਕਸ਼ੇਤਰ ਵਿਖੇ ਬਣਨ ਵਾਲਾ ਸਿੱਖ ਮਿਊਜ਼ੀਅਮ ਵੀ ਸ਼ਾਮਲ ਹੈ, ਜਿਸ ਨੂੰ ਸੱਭਿਆਚਾਰਕ ਅਤੇ ਸਿਆਸੀ ਦੋਵੇਂ ਪੱਖਾਂ ਤੋਂ ਅਹਿਮ ਮੰਨਿਆ ਜਾ ਰਿਹਾ ਹੈ।

ਚੰਡੀਗੜ੍ਹ ਵਿੱਚ ਕਰੀਬ 4,700 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਵਿੱਚ ਪੀ.ਜੀ.ਆਈ. ਦੀਆਂ ਸਿਹਤ ਸੇਵਾਵਾਂ ਦਾ ਵਿਸਥਾਰ ਅਤੇ ਵਿਦਿਆਰਥੀਆਂ ਲਈ ਹੋਸਟਲ ਸੁਵਿਧਾਵਾਂ ਵਧਾਉਣ ਵਾਲੇ ਪ੍ਰਾਜੈਕਟ ਮੁੱਖ ਰਹੇ।

ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ 5,470 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਲੋਕ ਅਰਪਣ ਕੀਤਾ। ਜਲੰਧਰ ਛਾਉਣੀ ਅਤੇ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨਾਂ ਦੇ ਆਧੁਨਿਕੀਕਰਨ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ। ਇਸ ਤੋਂ ਇਲਾਵਾ ਕਈ ਸੜਕੀ ਅਤੇ ਰੇਲ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਵਰਚੁਅਲ ਮਾਧਿਅਮ ਰਾਹੀਂ ਕੀਤੀ ਗਈ।

ਦੌਰੇ ਦੌਰਾਨ ਸਿਆਸੀ ਗਤੀਵਿਧੀਆਂ ਵੀ ਚਰਚਾ ਦਾ ਵਿਸ਼ਾ ਰਹੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਸਵਾਗਤ ਤੋਂ ਬਾਅਦ ਜਲੰਧਰ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ। ਉਨ੍ਹਾਂ ਦੀ ਥਾਂ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਪ੍ਰਤੀਨਿਧਤਾ ਨਿਭਾਈ। ਇਸੇ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਜੂਦਗੀ ਨੇ ਵੀ ਸਿਆਸੀ ਚਰਚਾਵਾਂ ਨੂੰ ਜਨਮ ਦਿੱਤਾ।

ਆਪਣੇ ਸੰਬੋਧਨਾਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸ ਕਾਰਜਾਂ ਦੇ ਨਾਲ-ਨਾਲ ਵਿਰੋਧੀ ਧਿਰਾਂ ‘ਤੇ ਵੀ ਨਿਸ਼ਾਨੇ ਸਾਧੇ ਅਤੇ ਚੋਣੀ ਅੰਦਾਜ਼ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਦੌਰਾ ਵਿਕਾਸ ਦੇ ਨਾਲ-ਨਾਲ ਭਾਜਪਾ ਦੇ ਚੋਣੀ ਅਭਿਆਨ ਦਾ ਹਿੱਸਾ ਵੀ ਨਜ਼ਰ ਆਇਆ।

— ਰਿਪੋਰਟ: ਅਮਿਤ ਨਖਵਾਲ