ਮੋਗਾ ਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ, ਇੱਕ ਨੌਜਵਾਨ ਦੀ ਮੌਤ

ਮੋਗਾ ਦੇ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ, ਵਾਸੀ ਪਿੰਡ ਚੀਦਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਡੀਐਸਪੀ ਬਾਘਾਪੁਰਾਣਾ ਅਤੇ ਐੱਸਆਈ ਮੰਗਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਗਈ।

ਡੀਐਸਪੀ ਬਾਘਾਪੁਰਾਣਾ ਜਸਬਿੰਦਰ ਸਿੰਘ ਖੈਹਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਹਨ।

ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।