ਨਾਭਾ (ਅਮਨ ਗਰਗ): ਬੀਤੇ ਦਿਨ ਮੋਗਾ ਵਿਖੇ ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੀ ਗਈ ਰੈਲੀ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਬੱਸਾਂ ਭੇਜੇ ਜਾਣ ਕਾਰਨ ਸੜਕਾਂ ‘ਤੇ ਬੱਸਾਂ ਦੀ ਘਾਟ ਹੋ ਗਈ, ਜਿਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਮਰੀਜ਼ਾਂ ਨੂੰ ਬੱਸ ਅੱਡਿਆਂ ‘ਤੇ ਘੰਟਿਆਂਬੱਧੀ ਉਡੀਕ ਕਰਨੀ ਪਈ।

ਇਸ ਮਾਮਲੇ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ.ਸੀ. ਵਿੰਗ ਦੇ ਸੈਕਟਰੀ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਆਗੂ ਦਰਸ਼ਨ ਭਾਦਲਾ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੀ ਰੈਲੀ ਵਿੱਚ ਭੀੜ ਇਕੱਠੀ ਕਰਨ ਲਈ ਵੱਡੀ ਗਿਣਤੀ ਵਿੱਚ ਬੱਸਾਂ ਭੇਜਣ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਲੋਕ ਘੰਟਿਆਂਬੱਧੀ ਬੱਸਾਂ ਦੀ ਉਡੀਕ ਕਰਦੇ ਰਹੇ, ਪਰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਉਨ੍ਹਾਂ ਨੂੰ ਕੋਈ ਢੁੱਕਵਾਂ ਸਾਧਨ ਨਹੀਂ ਮਿਲਿਆ।

ਦਰਸ਼ਨ ਭਾਦਲਾ ਨੇ ਹਲਕਾ ਨਾਭਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗ ਰਹੇ ਲੰਬੇ ਅਤੇ ਅਣਐਲਾਨੇ ਬਿਜਲੀ ਕੱਟਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕ ਆਵਾਜਾਈ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਦੂਜੇ ਪਾਸੇ ਬਿਜਲੀ ਦੇ ਲੰਬੇ ਕੱਟਾਂ ਨੇ ਆਮ ਲੋਕਾਂ, ਦੁਕਾਨਦਾਰਾਂ ਅਤੇ ਕਿਸਾਨਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਘਰੇਲੂ ਕੰਮਕਾਜ ਦੇ ਨਾਲ-ਨਾਲ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਬੱਸ ਸੇਵਾ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇ ਅਤੇ ਹਲਕਾ ਨਾਭਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ