ਮੋਗਾ ਪੁਲਿਸ ਦੀ ਵੱਡੀ ਕਾਰਵਾਈ: 1 ਕਿਲੋ ਹੈਰੋਇਨ ਸਮੇਤ 5 ਨਸ਼ਾ ਤਸਕਰ ਕਾਬੂ, ਵਰਨਾ ਕਾਰ ਵੀ ਬਰਾਮਦ

ਮੋਗਾ : ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਸੀ.ਆਈ.ਏ. ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 1 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਬਿਨਾਂ ਨੰਬਰੀ ਚਿੱਟੇ ਰੰਗ ਦੀ ਵਰਨਾ ਕਾਰ ਸਮੇਤ 5 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜੇ ਨੌਜਵਾਨਾਂ ਦੀ ਉਮਰ 30 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿੱਚ ਇੱਕ ਲੁਧਿਆਣਾ ਅਤੇ ਚਾਰ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਾਹੁਲ ਕੌਸ਼ਲ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਇਲਾਕੇ ਵਿੱਚ ਗਸ਼ਤ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਏ.ਐਸ.ਆਈ. ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਇੱਕ ਭਰੋਸੇਯੋਗ ਮੁਖਬਰ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਦਾਣਾ ਮੰਡੀ ਬੱਧਨੀ ਕਲਾਂ ਵਿੱਚ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।

ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਤੁਰੰਤ ਛਾਪੇਮਾਰੀ ਕਰਕੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰੀ ਵਰਨਾ ਕਾਰ ਬਰਾਮਦ ਕੀਤੀ ਗਈ।

ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਬੱਧਨੀ ਕਲਾਂ ਵਿਖੇ ਮੁਕੱਦਮਾ ਨੰਬਰ 123 ਮਿਤੀ 13 ਜੂਨ 2026 ਅਧੀਨ ਧਾਰਾ 21, 61 ਅਤੇ 85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪਿੱਛੇ ਕੰਮ ਕਰ ਰਹੇ ਨੈੱਟਵਰਕ ਅਤੇ ਹੋਰ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੂੰ ਉਮੀਦ ਹੈ ਕਿ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਸਿੰਘ (29) ਵਾਸੀ ਜਵੱਦੀ, ਲੁਧਿਆਣਾ, ਨਰਿੰਦਰ ਸਿੰਘ (26) ਵਾਸੀ ਘੁੰਨਸ, ਹਰਪ੍ਰੀਤ ਸਿੰਘ (19) ਵਾਸੀ ਢਿੱਲਵਾਂ, ਨਰਿੰਦਰ ਸਿੰਘ (21) ਵਾਸੀ ਢਿੱਲਵਾਂ ਅਤੇ ਜਸਨਦੀਪ ਸਿੰਘ (22) ਵਾਸੀ ਮਹਿਤਾ, ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।