ਪੰਜਾਬ-ਚੰਡੀਗੜ੍ਹ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ, ਦੋ ਦਿਨਾਂ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਰਫ਼ਤਾਰ ਫੜਨ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਅਤੇ ਭਲਕੇ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਜਤਾਉਂਦਿਆਂ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ, ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਬਿਜਲੀ ਗਰਜਣ ਸਮੇਂ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕਰਨ।

ਵਿਭਾਗ ਅਨੁਸਾਰ 5 ਅਤੇ 6 ਅਗਸਤ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਲਗਾਤਾਰ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸਿੱਲ੍ਹ ਵਾਲੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਚੰਡੀਗੜ੍ਹ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 27.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1 ਡਿਗਰੀ ਵੱਧ ਸੀ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ ਸਿਰਫ਼ ਮਾਮੂਲੀ ਮੀਂਹ ਦਰਜ ਕੀਤਾ ਗਿਆ।

ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਨਾਲੋਂ 1.6 ਡਿਗਰੀ ਵੱਧ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.5 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਪਟਿਆਲਾ ਵਿੱਚ 35.4 ਡਿਗਰੀ, ਅੰਮ੍ਰਿਤਸਰ ਵਿੱਚ 35.1 ਡਿਗਰੀ ਅਤੇ ਲੁਧਿਆਣਾ ਵਿੱਚ 35.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਅਤੇ ਹੁੰਮਸ ਭਰਿਆ ਰਿਹਾ, ਪਰ ਨੰਗਲ ਵਿੱਚ 22.5 ਮਿਲੀਮੀਟਰ ਅਤੇ ਬਰਨਾਲਾ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਮੀਂਹ ਨਾਲ ਤਾਪਮਾਨ ਵਿੱਚ ਕਮੀ ਆਵੇਗੀ ਅਤੇ ਹੁੰਮਸ ਤੋਂ ਕਾਫ਼ੀ ਰਾਹਤ ਮਿਲੇਗੀ। ਦੂਜੇ ਪਾਸੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਬਣੀ ਰਹੇਗੀ। ਇਸ ਲਈ ਲੋਕਾਂ ਨੂੰ ਮੌਸਮ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।