
Skip to content

15 ਰਾਜਾਂ ’ਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ, 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਦੇਸ਼ ਭਰ ਵਿੱਚ ਮਾਨਸੂਨ ਦੀ ਤੇਜ਼ ਸਰਗਰਮੀ ਦੇ ਚਲਦਿਆਂ ਮੌਸਮ ਵਿਭਾਗ ਨੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ 15 ਰਾਜਾਂ ਵਿੱਚ ਅਗਲੇ 12 ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ, ਰਾਜਸਥਾਨ, ਉੱਤਰਾਖੰਡ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਅਸਾਮ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਕਾਰਨ ਵੱਡੇ ਦਰੱਖਤਾਂ ਦੇ ਉਖੜਨ ਅਤੇ ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਹੈ। ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦਾ ਖਤਰਾ ਵੀ ਵਧ ਸਕਦਾ ਹੈ।
ਦਿੱਲੀ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
ਯੂਪੀ ਅਤੇ ਬਿਹਾਰ ਵਿੱਚ ਵੀ ਮੀਂਹ-ਤੂਫ਼ਾਨ ਦਾ ਅਲਰਟ
ਉੱਤਰ ਪ੍ਰਦੇਸ਼ ਦੇ ਲਖਨਊ, ਮੇਰਠ, ਗਾਜ਼ੀਆਬਾਦ, ਆਗਰਾ ਅਤੇ ਗੋਰਖਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ ਚੱਲਣ ਦੀ ਚੇਤਾਵਨੀ ਹੈ। ਉੱਥੇ ਹੀ ਬਿਹਾਰ ਦੇ ਪਟਨਾ, ਗਯਾ, ਭੋਜਪੁਰ ਅਤੇ ਦਰਭੰਗਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਪਹਾੜੀ ਸੂਬਿਆਂ ਵਿੱਚ ਵਧਿਆ ਖਤਰਾ
ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ 50 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਨਦੀਆਂ ਅਤੇ ਨਾਲਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਦੱਖਣੀ ਗੰਗਾ ਦੇ ਮੈਦਾਨੀ ਇਲਾਕਿਆਂ, ਪੱਛਮੀ ਬੰਗਾਲ ਦੇ ਤੱਟੀ ਖੇਤਰਾਂ ਅਤੇ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਉੱਪਰ ਬਣੇ ਚੱਕਰਵਾਤੀ ਘੇਰਿਆਂ ਕਾਰਨ ਮੌਸਮ ਵਿੱਚ ਇਹ ਵੱਡਾ ਬਦਲਾਅ ਆਇਆ ਹੈ। ਪੰਜਾਬ, ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Related