
Skip to content

ਪੰਜਾਬ ਦੇ 16 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ, 50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
(ਅਰਸ਼ਦੀਪ ਸਿੰਘ ਕਾਲੜਾ):- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਅੱਜ (17 ਜੂਨ) ਪੰਜਾਬ ਦੇ 16 ਜ਼ਿਲ੍ਹਿਆਂ ਲਈ ਬਿਜਲੀ ਗਰਜ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਪਿਛਲੇ ਦਿਨ ਦੇ ਮੁਕਾਬਲੇ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਦੌਰਾਨ ਖੁੱਲ੍ਹੇ ਇਲਾਕਿਆਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਨੇੜੇ ਜਾਣ ਤੋਂ ਬਚਿਆ ਜਾਵੇ। ਚੰਡੀਗੜ੍ਹ ਵਿੱਚ ਵੀ ਦਿਨ ਭਰ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ, ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਭਾਖੜਾ ਡੈਮ ਦੇ ਪਿੱਛੇ ਸਥਿਤ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਡੈਮ ’ਤੇ ਪਾਣੀ ਦਾ ਪੱਧਰ 1,573.56 ਫੁੱਟ ਤੱਕ ਪਹੁੰਚਣ ਤੋਂ ਬਾਅਦ 8 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 22 ਜੂਨ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। 18 ਜੂਨ ਤੋਂ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਵਿੱਚ ਵਾਧਾ ਹੋ ਸਕਦਾ ਹੈ।
Related