ਪੰਜਾਬ ’ਚ ਗਰਮੀ ਤੋਂ ਮਿਲ ਸਕਦੀ ਹੈ ਰਾਹਤ, 19-20 ਜੂਨ ਲਈ ਮੀਂਹ ਤੇ ਹਨੇਰੀ ਦਾ ਯੈਲੋ ਅਲਰਟ ਜਾਰੀ

ਪੰਜਾਬ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦੇ ਬਾਵਜੂਦ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਅਜੇ ਵੀ ਪੂਰੀ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਨੇ 19 ਅਤੇ 20 ਜੂਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਇਲਾਕਿਆਂ ਵਿਚ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। 18 ਜੂਨ ਨੂੰ ਮੌਸਮ ਆਮ ਰਹਿਣ ਦੀ ਸੰਭਾਵਨਾ ਦੱਸੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਮੌਸਮ ਖ਼ੁਸ਼ਕ ਰਿਹਾ, ਜਦਕਿ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਦਰਜ ਕੀਤਾ ਗਿਆ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹਨੇਰੀ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਤਾਪਮਾਨ ਵਿਚ ਹੋਰ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਵਿਚ ਸਭ ਤੋਂ ਵੱਧ 39.4 ਡਿਗਰੀ ਸੈਲਸੀਅਸ ਤਾਪਮਾਨ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਬੋਪਾਨੀ ਵਿਚ 39.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।