ਪੰਜਾਬ ‘ਚ ਅੱਜ ਬਦਲੇਗਾ ਮੌਸਮ ਦਾ ਮਿਜ਼ਾਜ, 8 ਜ਼ਿਲ੍ਹਿਆਂ ਲਈ ਮੀਂਹ ਤੇ ਤੇਜ਼ ਹਨੇਰੀ ਦਾ ਯੈਲੋ ਅਲਰਟ ਜਾਰੀ

ਪੰਜਾਬ ਵਾਸੀਆਂ ਨੂੰ ਅੱਜ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ, ਕਿਉਂਕਿ ਸੂਬੇ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸਮੇਤ 8 ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਗਰਜਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ 22 ਜੂਨ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਜਦਕਿ ਬਠਿੰਡਾ ਵਿੱਚ ਸਭ ਤੋਂ ਵੱਧ 42.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ ਪੱਛਮੀ ਗੜਬੜੀ ਅਤੇ ਦੱਖਣੀ ਪੰਜਾਬ ਉੱਤੇ ਬਣੀ ਚੱਕਰਵਾਤੀ ਪ੍ਰਣਾਲੀ ਕਾਰਨ ਮੌਸਮੀ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ। ਉੱਥੇ ਹੀ ਗਰਮੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਵਧ ਕੇ 13,290 ਮੈਗਾਵਾਟ ਤੱਕ ਪਹੁੰਚ ਗਈ ਹੈ।

ਭਲਕੇ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਅਤੇ ਬਿਜਲੀ ਗਰਜਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।