
Skip to content

ਪੰਜਾਬ-ਚੰਡੀਗੜ੍ਹ ਦਾ ਮੌਸਮ ਬਦਲਿਆ, 26 ਜੂਨ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ 2.3 ਡਿਗਰੀ ਘੱਟ ਰਿਹਾ। ਸੂਬੇ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ 23 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਿਜਲੀ ਗਰਜਣ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਉੱਤੇ ਪੱਛਮੀ ਗੜਬੜੀ ਅਤੇ ਹਰਿਆਣਾ ਦੇ ਨੇੜੇ ਬਣੀ ਮੌਸਮੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਅਗਲੇ ਕੁਝ ਦਿਨਾਂ ਤੱਕ ਮੌਸਮ ਸੁਹਾਵਣਾ ਬਣਿਆ ਰਹੇਗਾ। ਕਈ ਇਲਾਕਿਆਂ ਵਿੱਚ ਬੱਦਲਵਾਈ, ਰੁਕ-ਰੁਕ ਕੇ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿ ਸਕਦਾ ਹੈ।
ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ 26 ਜੂਨ ਤੱਕ ਸੂਬੇ ਭਰ ਵਿੱਚ ਮੌਸਮ ਬਦਲਦਾ ਰਹੇਗਾ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
Related