
Skip to content

ਪੰਜਾਬ-ਚੰਡੀਗੜ੍ਹ ‘ਚ 27-28 ਜੂਨ ਨੂੰ ਭਾਰੀ ਮੀਂਹ ਦਾ ਓਰੇਂਜ ਅਲਰਟ, ਤਾਪਮਾਨ 5 ਡਿਗਰੀ ਤੱਕ ਡਿੱਗੇਗਾ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਭਿਆਨਕ ਗਰਮੀ ਦਰਮਿਆਨ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ 27 ਅਤੇ 28 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ ਓਰੇਂਜ ਅਲਰਟ ਜਾਰੀ ਕੀਤਾ ਹੈ।
ਵਿਭਾਗ ਅਨੁਸਾਰ ਅਗਲੇ 24 ਤੋਂ 48 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣਗੀਆਂ। 26 ਜੂਨ ਨੂੰ ਗਰਜ-ਚਮਕ, ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ) ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
27 ਅਤੇ 28 ਜੂਨ ਨੂੰ ਮਾਨਸੂਨ ਸਭ ਤੋਂ ਵੱਧ ਸਰਗਰਮ ਰਹਿਣ ਦੀ ਉਮੀਦ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਹੈ।
ਮੌਸਮ ਵਿਭਾਗ ਮੁਤਾਬਕ 29 ਜੂਨ ਤੋਂ 1 ਜੁਲਾਈ ਤੱਕ ਵੀ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ, ਹਾਲਾਂਕਿ ਇਸ ਦੀ ਤੀਬਰਤਾ ਕੁਝ ਘੱਟ ਰਹਿ ਸਕਦੀ ਹੈ। ਇਸ ਸਮੇਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
ਇਸ ਵੇਲੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ। ਮੀਂਹ ਦੀਆਂ ਗਤੀਵਿਧੀਆਂ ਵਧਣ ਨਾਲ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘਟਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।
ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਾਰਿਸ਼ ਝੋਨੇ ਦੀ ਬਿਜਾਈ ਕਰ ਰਹੇ ਕਿਸਾਨਾਂ ਲਈ ਵੀ ਲਾਭਕਾਰੀ ਸਾਬਤ ਹੋਵੇਗੀ ਅਤੇ ਖੇਤੀਬਾੜੀ ਕੰਮਾਂ ਨੂੰ ਰਫ਼ਤਾਰ ਮਿਲੇਗੀ।

Related