ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਦਾਖਲ ਹੋਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਅੱਜ (2 ਜੁਲਾਈ) ਤੋਂ ਅਗਲੇ ਛੇ ਦਿਨਾਂ ਲਈ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਸ ਦੌਰਾਨ ਕਈ ਥਾਵਾਂ ‘ਤੇ ਭਾਰੀ ਮੀਂਹ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਹਾਲੇ ਵੀ ਆਮ ਨਾਲੋਂ 3.6 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 5.8 ਡਿਗਰੀ ਦੀ ਕਮੀ ਨਾਲ ਤਾਪਮਾਨ 29.7 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 14 ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ ਅਤੇ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 1 ਜੁਲਾਈ ਨੂੰ ਮਾਨਸੂਨ ਪੰਜਾਬ ਦੇ ਬਾਕੀ ਹਿੱਸਿਆਂ ਤੱਕ ਵੀ ਪਹੁੰਚ ਗਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

ਵਿਭਾਗ ਅਨੁਸਾਰ ਪੰਜਾਬ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ, ਜਦਕਿ ਉੱਤਰੀ ਭਾਰਤ ਵਿੱਚ ਨਵੀਂ ਪੱਛਮੀ ਗੜਬੜੀ ਵੀ ਸਰਗਰਮ ਹੈ। ਇਸ ਤੋਂ ਇਲਾਵਾ ਮਾਨਸੂਨ ਟ੍ਰਾਫ ਲਾਈਨ ਪੰਜਾਬ ਤੋਂ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ, ਜੋ ਮੀਂਹ ਲਈ ਅਨੁਕੂਲ ਹਾਲਾਤ ਪੈਦਾ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਸਾਲ 2026 ਵਿੱਚ ਮਾਨਸੂਨ ਪੰਜਾਬ ਅਤੇ ਚੰਡੀਗੜ੍ਹ ਵਿੱਚ 1 ਜੁਲਾਈ ਨੂੰ ਪਹੁੰਚਿਆ, ਜੋ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ 9 ਦਿਨ ਅਤੇ ਚੰਡੀਗੜ੍ਹ ਵਿੱਚ 7 ਦਿਨ ਦੇਰੀ ਨਾਲ ਆਇਆ। ਪਿਛਲੇ 25 ਸਾਲਾਂ ਦੇ ਰਿਕਾਰਡਾਂ ਅਨੁਸਾਰ ਪੰਜਾਬ ਵਿੱਚ ਸਭ ਤੋਂ ਪਹਿਲਾਂ ਮਾਨਸੂਨ 13 ਜੂਨ 2008 ਨੂੰ ਪਹੁੰਚਿਆ ਸੀ, ਜਦਕਿ ਸਭ ਤੋਂ ਵੱਧ ਦੇਰੀ 2002 ਵਿੱਚ ਦਰਜ ਕੀਤੀ ਗਈ ਸੀ, ਜਦੋਂ ਮਾਨਸੂਨ ਨੂੰ ਪੂਰੇ ਸੂਬੇ ਵਿੱਚ ਫੈਲਣ ਲਈ 15 ਅਗਸਤ ਤੱਕ ਦਾ ਸਮਾਂ ਲੱਗਿਆ ਸੀ।