ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਸਰਗਰਮ, ਅੱਜ ਯੈਲੋ ਅਲਰਟ; 5 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦਾ ਔਰੇਂਜ ਅਲਰਟ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਸਾਲ ਮਾਨਸੂਨ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹੁੰਚਿਆ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ 9 ਦਿਨ ਅਤੇ ਚੰਡੀਗੜ੍ਹ ਵਿੱਚ 7 ਦਿਨ ਦੀ ਦੇਰੀ ਨਾਲ ਆਇਆ ਹੈ।

ਮੀਂਹ ਕਾਰਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਲਗਭਗ 2.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਰੋਪੜ ਵਿੱਚ ਸਭ ਤੋਂ ਵੱਧ 35.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ, ਜਦਕਿ ਬਠਿੰਡਾ ਵਿੱਚ 20.8 ਡਿਗਰੀ ਸੈਲਸੀਅਸ ਨਾਲ ਸਭ ਤੋਂ ਘੱਟ ਤਾਪਮਾਨ ਦਰਜ ਹੋਇਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਕਰੀਬ 3.4 ਡਿਗਰੀ ਸੈਲਸੀਅਸ ਘੱਟ ਰਿਹਾ, ਜਿਸ ਨਾਲ ਰਾਤ ਦੇ ਸਮੇਂ ਵੀ ਮੌਸਮ ਸੁਹਾਵਣਾ ਬਣਿਆ ਰਿਹਾ।

ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ 5 ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਤੇਜ਼ ਝੱਖੜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਪ੍ਰਸ਼ਾਸਨ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਭਾਰੀ ਮੀਂਹ ਜਾਂ ਤੂਫ਼ਾਨ ਵੇਲੇ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਖੰਡਰ ਇਮਾਰਤਾਂ ਤੋਂ ਦੂਰ ਰਹਿਣ, ਨਾਲ ਹੀ ਪਾਣੀ ਭਰੇ ਅਤੇ ਨੀਵੇਂ ਇਲਾਕਿਆਂ ਵਿੱਚ ਬੇਲੋੜੀ ਆਵਾਜਾਈ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।