
Skip to content

ਪੰਜਾਬ ‘ਚ ਅਗਲੇ 4 ਦਿਨ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ ਲਈ ਭਾਰੀ ਵਰਖਾ ਦਾ ਅਲਰਟ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੋਕ ਉਮਸ ਭਰੀ ਗਰਮੀ ਨਾਲ ਪਰੇਸ਼ਾਨ ਹਨ, ਪਰ ਇਸ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਕਈ ਥਾਵਾਂ ਲਈ ਭਾਰੀ ਵਰਖਾ ਦਾ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ, ਮੀਂਹ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਔਸਤਨ 1.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਰਿਹਾ, ਜਿਸ ਨਾਲ ਲੋਕਾਂ ਨੂੰ ਉਮਸ ਅਤੇ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਤੋਂ 4 ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅਸਮਾਨ ਬੱਦਲਾਂ ਨਾਲ ਢੱਕਿਆ ਰਹੇਗਾ, ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਵਰਖਾ ਵੀ ਹੋ ਸਕਦੀ ਹੈ।
ਅੱਜ ਸਵੇਰੇ ਜਲੰਧਰ ਸਮੇਤ ਦੋਆਬਾ ਅਤੇ ਮਾਝਾ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ। ਮੌਸਮ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਲੋੜ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

Related