
Skip to content

ਪੰਜਾਬ ‘ਚ ਮੀਂਹ ਨਾਲ ਮਿਲੀ ਰਾਹਤ, ਪਰ 18 ਜੁਲਾਈ ਤੱਕ ਮਾਨਸੂਨ ਰਹੇਗਾ ਸੁਸਤ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਜਲੰਧਰ ਵਿੱਚ ਐਤਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ, ਜਦਕਿ ਮੋਹਾਲੀ ਵਿੱਚ ਰਾਤ ਭਰ ਭਾਰੀ ਵਰਖਾ ਹੋਈ। ਇਸ ਦੇ ਬਾਵਜੂਦ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਮਾਨਸੂਨ ਦੀ ਰਫ਼ਤਾਰ ਹੌਲੀ ਰਹਿਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਅਨੁਸਾਰ 18 ਜੁਲਾਈ ਤੱਕ ਪੰਜਾਬ ਵਿੱਚ ਮਾਨਸੂਨ ਕਮਜ਼ੋਰ ਰਹੇਗਾ, ਜਿਸ ਕਾਰਨ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਦੀ ਗਤੀਵਿਧੀ ਘੱਟ ਰਹੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ, ਜਦਕਿ ਸਰਹੱਦੀ ਅਤੇ ਪਹਾੜੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ।
ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸਮੇਤ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਦਿਨ ਭਰ ਅੰਸ਼ਕ ਬੱਦਲਵਾਈ ਰਹਿਣ ਅਤੇ ਇੱਕਾ-ਦੁੱਕਾ ਥਾਵਾਂ ‘ਤੇ ਗਰਜ ਨਾਲ ਮੀਂਹ ਪੈਣ ਦੇ ਆਸਾਰ ਹਨ, ਹਾਲਾਂਕਿ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਇਸੇ ਦੌਰਾਨ ਪਟਿਆਲਾ-ਨਾਭਾ ਰੋਡ ‘ਤੇ ਭਾਖੜਾ ਨਹਿਰ ਵਿੱਚ ਨਹਾਉਣ ਗਏ ਪੰਜ ਦੋਸਤਾਂ ਵਿੱਚੋਂ ਦੋ ਤੇਜ਼ ਵਹਾਅ ਵਿੱਚ ਡੁੱਬ ਗਏ। ਮੌਕੇ ‘ਤੇ ਪਹੁੰਚੇ ਗੋਤਾਖੋਰਾਂ ਨੇ ਤਿੰਨ ਨੌਜਵਾਨਾਂ ਨੂੰ ਸੁਰੱਖਿਅਤ ਬਚਾ ਲਿਆ, ਜਦਕਿ ਦੋ ਦੀ ਭਾਲ ਜਾਰੀ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਘੱਟ ਰਹੇਗੀ। ਮਾਨਸੂਨ ਦਾ ਰੁਖ ਹਿਮਾਲਿਆ ਵੱਲ ਵਧਣ ਨਾਲ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਵਿੱਚ ਕਮੀ ਆਵੇਗੀ ਅਤੇ ਦਿਨ ਦਾ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਅਗਲੇ 5 ਤੋਂ 6 ਦਿਨਾਂ ਦੌਰਾਨ ਸਿਰਫ਼ ਪਹਾੜੀ ਖੇਤਰਾਂ ਨਾਲ ਲੱਗਦੇ ਉੱਤਰੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 20-21 ਜੁਲਾਈ ਦੇ ਆਸ-ਪਾਸ ਮਾਨਸੂਨ ਦੁਬਾਰਾ ਸਰਗਰਮ ਹੋ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਚੰਗੀ ਬਾਰਿਸ਼ ਦਾ ਦੌਰ ਮੁੜ ਸ਼ੁਰੂ ਹੋਣ ਦੀ ਉਮੀਦ ਹੈ।

Related