ਪੰਜਾਬ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ, ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ; 4 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਮਾਨਸੂਨ ਦੇ ਮੌਸਮ ਦਾ ਸਭ ਤੋਂ ਅਹਿਮ ਅਤੇ ਭਾਰੀ ਬਾਰਿਸ਼ ਵਾਲਾ ਮਹੀਨਾ ਜੁਲਾਈ ਸਮਾਪਤ ਹੋਣ ਵਾਲਾ ਹੈ। ਇਸ ਸਾਲ ਜੁਲਾਈ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਕਰੀਬ 24 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਸਤ ਦੇ ਪਹਿਲੇ ਹਫ਼ਤੇ ਤੋਂ ਮਾਨਸੂਨ ਦੇ ਮੁੜ ਜ਼ੋਰ ਫੜਨ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਅੱਜ ਅਤੇ 31 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 1 ਅਗਸਤ ਤੋਂ 4 ਅਗਸਤ ਤੱਕ ਵੀ ਕਈ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 23.9 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 24.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਹਵਾਈ ਅੱਡੇ ਦੇ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਰਿਹਾ।

ਬਾਰਿਸ਼ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਗੁਰਦਾਸਪੁਰ ਵਿੱਚ ਸਭ ਤੋਂ ਵੱਧ 49.8 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 46 ਮਿਲੀਮੀਟਰ, ਚੰਡੀਗੜ੍ਹ ਵਿੱਚ 45.6 ਮਿਲੀਮੀਟਰ, ਮੋਹਾਲੀ ਵਿੱਚ 28.5 ਮਿਲੀਮੀਟਰ, ਫਰੀਦਕੋਟ ਵਿੱਚ 23 ਮਿਲੀਮੀਟਰ, ਅੰਮ੍ਰਿਤਸਰ ਵਿੱਚ 17.6 ਮਿਲੀਮੀਟਰ, ਥੀਨ ਡੈਮ (ਪਠਾਨਕੋਟ) ਵਿੱਚ 17.5 ਮਿਲੀਮੀਟਰ, ਬੱਲੋਵਾਲ ਸੌਂਖੜੀ ਵਿੱਚ 15.3 ਮਿਲੀਮੀਟਰ ਅਤੇ ਕੇਵੀਕੇ ਪਠਾਨਕੋਟ ਵਿੱਚ 8.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ 1 ਜੂਨ ਤੋਂ 29 ਜੁਲਾਈ ਤੱਕ ਚੰਡੀਗੜ੍ਹ ਵਿੱਚ ਕੁੱਲ 337.2 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਆਮ ਨਾਲੋਂ 17.2 ਫੀਸਦੀ ਘੱਟ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਸਤ ਦੇ ਪਹਿਲੇ ਹਫ਼ਤੇ ਦੌਰਾਨ ਹੋਣ ਵਾਲੀ ਲਗਾਤਾਰ ਬਾਰਿਸ਼ ਨਾਲ ਮਾਨਸੂਨ ਦੀ ਕਮੀ ਕੁਝ ਹੱਦ ਤੱਕ ਪੂਰੀ ਹੋ ਸਕਦੀ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਹੋਣ ਦੀ ਸੰਭਾਵਨਾ ਹੈ।