ਪੰਜਾਬ-ਚੰਡੀਗੜ੍ਹ ‘ਚ 3 ਅਗਸਤ ਤੱਕ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 31 ਜੁਲਾਈ ਤੋਂ 3 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਲਈ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਆ ਗਿਆ ਹੈ। ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਅਤੇ ਵਿਦਰਭ ਉੱਪਰ ਬਣਿਆ ਘੱਟ ਦਬਾਅ ਵਾਲਾ ਖੇਤਰ ਇਸ ਵੇਲੇ ਮਹਾਰਾਸ਼ਟਰ, ਗੁਜਰਾਤ ਅਤੇ ਰਾਜਸਥਾਨ ਵਿੱਚ ਭਾਰੀ ਮੀਂਹ ਦਾ ਕਾਰਨ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਮਾਨਸੂਨ ਟਰੱਫ ਪੰਜਾਬ ਤੋਂ ਦੱਖਣ ਵੱਲ ਖਿਸਕ ਗਿਆ ਹੈ, ਜਦਕਿ ਪੰਜਾਬ ਵਿੱਚ ਸਰਗਰਮ ਰਿਹਾ ਵੈਸਟਰਨ ਡਿਸਟਰਬੈਂਸ ਹੁਣ ਉੱਤਰੀ ਹਰਿਆਣਾ ਵੱਲ ਵਧ ਗਿਆ ਹੈ।

ਇਸ ਕਾਰਨ ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ, ਪਰ ਜ਼ਿਆਦਾਤਰ ਖੇਤਰਾਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਅਤੇ ਨੀਵੇਂ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।