
Skip to content

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਠਾਨਕੋਟ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ 19 ਅਗਸਤ ਤੱਕ ਮੀਂਹ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਇਸ ਸਬੰਧੀ ‘ਯੈਲੋ ਅਲਰਟ’ ਵੀ ਜਾਰੀ ਕੀਤਾ ਗਿਆ ਹੈ।
ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 2.7 ਡਿਗਰੀ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਇੱਕ-ਦੋ ਥਾਵਾਂ ’ਤੇ ਮੀਂਹ ਪੈ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰਪਾਲ ਅਨੁਸਾਰ, ਮਾਨਸੂਨ ਟਰੱਫ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚੋਂ ਲੰਘ ਰਹੀ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਉੱਪਰ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ, ਜਿਸ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਪੈ ਸਕਦਾ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਥਾਵਾਂ ’ਤੇ ਤੇਜ਼ ਹਵਾਵਾਂ, ਬਿਜਲੀ ਦੀ ਗਰਜ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਸਰਗਰਮ ਪੱਛਮੀ ਗੜਬੜੀ ਕਾਰਨ ਵੀ ਮੌਸਮ ਅਸਥਿਰ ਬਣਿਆ ਹੋਇਆ ਹੈ।
ਡੈਮਾਂ ਵਿੱਚ ਪਾਣੀ ਦੀ ਆਮਦ ਵਧੀ
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,617.88 ਫੁੱਟ ਦਰਜ ਕੀਤਾ ਗਿਆ ਹੈ। ਇੱਥੇ 48,548 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦਕਿ 25,150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1,352.37 ਫੁੱਟ ਹੈ। ਇੱਥੇ 52,326 ਕਿਊਸਿਕ ਪਾਣੀ ਦੀ ਆਮਦ ਦੇ ਮੁਕਾਬਲੇ 15,507 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਫਿਲਹਾਲ ਦੋਵੇਂ ਡੈਮਾਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਭਾਖੜਾ ਡੈਮ ਦਾ ਆਮ ਅਧਿਕਤਮ ਪੱਧਰ 1,680 ਫੁੱਟ ਅਤੇ ਪੌਂਗ ਡੈਮ ਦਾ 1,390 ਫੁੱਟ ਹੈ। ਹਾਲਾਂਕਿ ਪਾਣੀ ਦੀ ਆਮਦ ਵਧਣ ਕਾਰਨ ਸਥਿਤੀ ’ਤੇ ਲਗਾਤਾਰ ਨਜ਼ਰ ਰੱਖਣੀ ਜ਼ਰੂਰੀ ਹੈ।

Related