ਪੰਜਾਬ ਵਿੱਚ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੌਸਮ ਸਭ ਤੋਂ ਵੱਧ ਪ੍ਰਭਾਵਿਤ ਰਹੇਗਾ ਅਤੇ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ ਚੱਲ ਸਕਦੇ ਹਨ।

ਮੌਸਮ ਵਿੱਚ ਆਉਣ ਵਾਲੇ ਇਸ ਬਦਲਾਅ ਕਾਰਨ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ। ਮੌਸਮ ਵਿਭਾਗ ਨੇ 6 ਅਤੇ 7 ਜੂਨ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਹਾਲਾਂਕਿ ਇਹ ਰਾਹਤ ਲੰਬੇ ਸਮੇਂ ਲਈ ਨਹੀਂ ਰਹੇਗੀ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 8 ਜੂਨ ਤੋਂ ਬਾਅਦ ਮੌਸਮ ਮੁੜ ਖੁਸ਼ਕ ਹੋ ਸਕਦਾ ਹੈ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਬੁੱਧਵਾਰ ਨੂੰ ਫਰੀਦਕੋਟ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਵਿੱਚ 39.4 ਡਿਗਰੀ, ਰੂਪਨਗਰ ਵਿੱਚ 37.4 ਡਿਗਰੀ, ਜਦਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 36.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ 22.4 ਡਿਗਰੀ ਸੈਲਸੀਅਸ ਨਿਊਨਤਮ ਤਾਪਮਾਨ ਦਰਜ ਹੋਇਆ।

ਮੌਸਮ ਵਿਭਾਗ ਨੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।