Skip to content
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗੜੇਮਾਰੀ ਤੇ ਹਨੇਰੀ; ਗਰਮੀ ਤੋਂ ਮਿਲੀ ਰਾਹਤ, ਥਾਂ-ਥਾਂ ਨੁਕਸਾਨ
ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਦੁਪਹਿਰ ਬਾਅਦ ਅਚਾਨਕ ਮੌਸਮ ਨੇ ਕਰਵਟ ਬਦਲ ਲਈ। ਤੇਜ਼ ਹਨੇਰੀ, ਮੀਂਹ ਅਤੇ ਕਈ ਥਾਵਾਂ ’ਤੇ ਗੜੇਮਾਰੀ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਦਿੱਤੀ, ਪਰ ਨਾਲ ਹੀ ਕਈ ਸ਼ਹਿਰਾਂ ਵਿੱਚ ਜਨਜੀਵਨ ਵੀ ਪ੍ਰਭਾਵਿਤ ਹੋਇਆ। ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮਿਲੀ ਜਾਣਕਾਰੀ ਅਨੁਸਾਰ ਮਾਨਸਾ, ਮੋਗਾ, ਖੰਨਾ ਸਮੇਤ ਕਈ ਇਲਾਕਿਆਂ ਵਿੱਚ ਗੜੇਮਾਰੀ ਹੋਈ, ਜਦਕਿ ਅੰਮ੍ਰਿਤਸਰ, ਤਰਨ ਤਾਰਨ, ਪਟਿਆਲਾ, ਫਰੀਦਕੋਟ ਅਤੇ ਹੋਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਹਨੇਰੀ ਕਾਰਨ ਕਈ ਥਾਵਾਂ ’ਤੇ ਦਰੱਖ਼ਤ ਅਤੇ ਟਰਾਂਸਫਾਰਮਰ ਡਿੱਗਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।
ਮਾਨਸਾ ਦੇ ਪਿੰਡ ਭੈਣੀ ਬਾਘਾ ਵਿੱਚ ਤੇਜ਼ ਹਵਾਵਾਂ ਕਾਰਨ ਮੱਝਾਂ ਦੇ ਵਾੜੇ ਦਾ ਸ਼ੈੱਡ ਢਹਿ ਗਿਆ, ਜਿਸ ਹੇਠਾਂ ਕਈ ਮੱਝਾਂ ਦੱਬ ਗਈਆਂ। ਸਥਾਨਕ ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸੇ ਤਰ੍ਹਾਂ ਪਟਿਆਲਾ ਅਤੇ ਹੋਰ ਸ਼ਹਿਰਾਂ ਵਿੱਚ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹੀ।
ਉੱਧਰ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਵੀ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ 5 ਜੂਨ ਨੂੰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 6 ਜੂਨ ਲਈ ਵੀ ਕੁਝ ਥਾਵਾਂ ’ਤੇ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ 5 ਜੂਨ ਲਈ ਔਰੇਂਜ ਅਤੇ 6 ਜੂਨ ਲਈ ਯੈੱਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿੱਚ ਆਈ ਇਸ ਤਬਦੀਲੀ ਨਾਲ ਕਿਸਾਨਾਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਇਹ ਮੀਂਹ ਖੇਤੀਬਾੜੀ ਲਈ ਲਾਹੇਵੰਦ ਮੰਨਿਆ ਜਾ ਰਿਹਾ ਹੈ।
Related