ਪੰਜਾਬ ‘ਚ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ, ਦੋ ਦਿਨਾਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਨੂੰ ਵੀਰਵਾਰ ਸ਼ਾਮ ਵੱਡੀ ਰਾਹਤ ਮਿਲੀ, ਜਦੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਤੇਜ਼ ਹਨ੍ਹੇਰੀ ਅਤੇ ਮੀਂਹ ਦਾ ਦੌਰ ਸ਼ੁਰੂ ਹੋ ਗਿਆ। ਕਈ ਜ਼ਿਲ੍ਹਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲਣ ਤੋਂ ਬਾਅਦ ਜ਼ੋਰਦਾਰ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਅਨੁਸਾਰ ਅੱਜ (ਸ਼ੁੱਕਰਵਾਰ) ਅਤੇ ਭਲਕੇ (ਸ਼ਨੀਵਾਰ) ਵੀ ਪੰਜਾਬ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਦੁਪਹਿਰ ਕਰੀਬ ਤਿੰਨ ਵਜੇ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਕਮੀ ਆਈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕਾਫ਼ੀ ਰਾਹਤ ਮਿਲੀ।

ਹਾਲਾਂਕਿ ਦਿਨ ਵੇਲੇ ਖ਼ੁਸ਼ਕ ਮੌਸਮ ਰਹਿਣ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਵੀ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.5 ਡਿਗਰੀ ਸੈਲਸੀਅਸ ਰਿਹਾ, ਜਦਕਿ ਸਭ ਤੋਂ ਘੱਟ ਨਿਊਨਤਮ ਤਾਪਮਾਨ ਐੱਸ.ਬੀ.ਐੱਸ. ਨਗਰ (ਨਵਾਂਸ਼ਹਿਰ) ਵਿੱਚ 23.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 38.8 ਡਿਗਰੀ, ਲੁਧਿਆਣਾ ਦਾ 40.4 ਡਿਗਰੀ ਅਤੇ ਪਟਿਆਲਾ ਦਾ 40.6 ਡਿਗਰੀ ਸੈਲਸੀਅਸ ਰਿਹਾ।

ਮੀਂਹ ਤੋਂ ਪਹਿਲਾਂ ਚੱਲੀ ਤੇਜ਼ ਹਨ੍ਹੇਰੀ ਕਾਰਨ ਕਈ ਥਾਵਾਂ ‘ਤੇ ਧੂੜ ਦਾ ਗੁਬਾਰ ਛਾ ਗਿਆ, ਜਿਸ ਨਾਲ ਸੜਕਾਂ ‘ਤੇ ਦਿੱਖ ਕਾਫ਼ੀ ਘੱਟ ਹੋ ਗਈ ਅਤੇ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਪੈਣ ਤੋਂ ਬਾਅਦ ਆਸਮਾਨ ਸਾਫ਼ ਹੋ ਗਿਆ ਅਤੇ ਮੌਸਮ ਸੁਹਾਵਣਾ ਬਣ ਗਿਆ।

ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਲਈ ‘ਯੈਲੋ ਅਲਰਟ’ ਜਾਰੀ ਕਰਦਿਆਂ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। 7 ਜੂਨ ਨੂੰ ਵੀ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ। ਇਸ ਤੋਂ ਬਾਅਦ 8 ਅਤੇ 9 ਜੂਨ ਨੂੰ ਮੌਸਮ ਖ਼ੁਸ਼ਕ ਰਹਿ ਸਕਦਾ ਹੈ, ਜਦਕਿ 10 ਜੂਨ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਮੌਸਮ ਮੁੜ ਬਦਲ ਸਕਦਾ ਹੈ।