
Skip to content

ਪੰਜਾਬ ਦੇ 7 ਜ਼ਿਲ੍ਹਿਆਂ ਲਈ ਮੀਂਹ ਤੇ ਤੂਫ਼ਾਨ ਦਾ ਯੈਲੋ ਅਲਰਟ, ਤਾਪਮਾਨ ਵਿੱਚ ਗਿਰਾਵਟ
ਚੰਡੀਗੜ੍ਹ/ਪੰਜਾਬ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿੱਚ ਆਏ ਬਦਲਾਅ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 2.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਪਟਿਆਲਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਮਾਨਸੂਨ 30 ਜੂਨ ਤੋਂ 5 ਜੁਲਾਈ ਦਰਮਿਆਨ ਦਸਤਕ ਦੇ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 22 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ, ਜਦਕਿ 23 ਜੂਨ ਤੋਂ ਮੌਸਮ ਮੁੜ ਖੁਸ਼ਕ ਹੋ ਸਕਦਾ ਹੈ।
ਉੱਧਰ, ਭਲਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਧੂੜ ਭਰੀ ਹਨੇਰੀ ਚੱਲਣ ਦੇ ਆਸਾਰ ਹਨ। ਨਾਲ ਹੀ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
Related