‘ਸਾਡੇ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਬਜ਼ੁਰਗਾਂ ਨੂੰ ਦਿੱਤੀਆਂ ਗਈਆਂ ਵਿਆਪਕ ਸਿਹਤ ਸੇਵਾਵਾਂ

ਫਗਵਾੜਾ, 27 ਅਕਤੂਬਰ ( ਪੰਕਜ ): ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਫਗਵਾੜਾ ਵਿਖੇ ਮੈਡੀਕਲ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤਾ ਗਿਆ।

ਕੈਂਪ ਦਾ ਮੁੱਖ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਸਿਹਤ ਲੋੜਾਂ ਅਨੁਸਾਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਸੀ। ਇਸ ਦੌਰਾਨ ਬਜ਼ੁਰਗਾਂ ਦੀ ਸਿਹਤ ਦੀ ਜਾਂਚ, ਲੋੜੀਂਦੇ ਇਲਾਜ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਮਾਣ-ਸਤਿਕਾਰ ਵਾਲਾ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਬਜ਼ੁਰਗਾਂ ਲਈ ਬੇਹੱਦ ਲਾਹੇਵੰਦ ਹਨ, ਕਿਉਂਕਿ ਇਨ੍ਹਾਂ ਰਾਹੀਂ ਸੰਭਾਵੀ ਬਿਮਾਰੀਆਂ ਦੀ ਮੁੱਢਲੇ ਪੜਾਅ ’ਤੇ ਪਛਾਣ ਹੋਣ ਦੇ ਨਾਲ-ਨਾਲ ਸਮੇਂ ਸਿਰ ਡਾਕਟਰੀ ਸਲਾਹ ਅਤੇ ਇਲਾਜ ਦੀ ਸਹੂਲਤ ਵੀ ਮਿਲਦੀ ਹੈ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਗੈਰ-ਸੰਚਾਰੀ ਬਿਮਾਰੀਆਂ (ਐੱਨ.ਸੀ.ਡੀਜ਼.) ਦੀ ਜਾਂਚ, ਮੋਤੀਆਬਿੰਦ ਦੇ ਆਪ੍ਰੇਸ਼ਨਾਂ ਲਈ ਮੁੱਢਲਾ ਮੁਲਾਂਕਣ, ਕੈਂਸਰ ਦੀ ਜਾਂਚ, ਹੱਡੀਆਂ ਅਤੇ ਜੋੜਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਂਚ, ਅੱਖਾਂ ਦੀ ਜਾਂਚ ਅਤੇ ਫਿਜ਼ੀਓਥੈਰੇਪੀ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਮੁੱਚੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਮਾਨਸਿਕ ਸਿਹਤ ਅਤੇ ਮਨੋਵਿਗਿਆਨਕ ਤੰਦਰੁਸਤੀ ਦਾ ਮੁਲਾਂਕਣ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜੀਵ ਧਾਂਡਾ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਜਵਿੰਦਰ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।