ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੀਰਵਾਰ ਨੂੰ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਮੰਗ ਰੱਖੀ। ਉਨ੍ਹਾਂ ਨੇ ਸੰਸਦ ਵਿੱਚ ਮੰਗ ਕਰਦਿਆਂ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਭਰ ਦੇ ਕਰੋੜਾਂ ਲੋਕਾਂ ਖਾਸ ਕਰਕੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗਾ।

    ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਸੰਸਦ ਮੈਂਬਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਦਾ ਵੀ ਇਸ ਹਵਾਈ ਅੱਡੇ ’ਤੇ ਉਡਾਣਾਂ ਨੂੰ ਜਲਦੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਖਾਸ ਕਰਕੇ ਪੰਜਾਬ ਦੇ ਵੱਡੀ ਗਿਣਤੀ ਲੋਕ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ ਚਾਹੁੰਦੇ ਹਨ ਤੇ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਲੋਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਮਤਾ ਪਾਸ ਕਰ ਚੁੱਕੀ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਕੇਂਦਰ ਸਰਕਾਰ ਵੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਲਈ ਲੋੜੀਂਦੀ ਕਾਰਵਾਈ ਕਰੇ।