
Skip to content

ਖਿੜਕੀਆਂ ਵਾਲਾ ਵਿੱਚ ਪਤੀ ਵੱਲੋਂ ਪਤਨੀ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮ ਫ਼ਰਾਰ
ਸ੍ਰੀ ਮੁਕਤਸਰ ਸਾਹਿਬ (ਅਰਸ਼ਦੀਪ ਸਿੰਘ ਕਾਲੜਾ) : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕੀਆਂ ਵਾਲਾ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਟਭਾਈ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟਭਾਈ ਦੇ ਐਸ.ਐਚ.ਓ. ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਖਿੜਕੀਆਂ ਵਾਲਾ ਵਿੱਚ ਕਤਲ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ, ਜਿੱਥੇ ਘਰ ਦੇ ਇੱਕ ਕਮਰੇ ਵਿੱਚ ਔਰਤ ਦੀ ਲਾਸ਼ ਪਈ ਹੋਈ ਸੀ।
ਪੁਲਿਸ ਨੇ ਮ੍ਰਿਤਕਾ ਦੀ ਪਛਾਣ ਨੀਲਾ ਸਿੰਘ ਦੀ ਪਤਨੀ ਗੁਰਸ਼ਮਿੰਦਰ ਕੌਰ (35) ਵਜੋਂ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਪਤੀ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਅਨੁਸਾਰ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਟੀਮਾਂ ਗਠਿਤ ਕਰਕੇ ਵੱਖ-ਵੱਖ ਥਾਵਾਂ ’ਤੇ ਭਾਲ ਕੀਤੀ ਜਾ ਰਹੀ ਹੈ।
ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਕਤਲ ਦੇ ਅਸਲ ਕਾਰਨਾਂ ਅਤੇ ਮਕਸਦ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related