ਆਪ’ ਸਰਕਾਰ ’ਤੇ ਵੀ ਲਾਏ ਗੰਭੀਰ ਦੋਸ਼, ਕਿਹਾ—ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਸਤੀਫ਼ਾ ਦੇਣ ਤੋਂ ਵੀ ਪਿੱਛੇ ਨਹੀਂ ਹਟਿਆ

ਅਮਿਤ ਨੱਖਵਾਲ | ਚੰਡੀਗੜ੍ਹ : ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਭਾਜਪਾ ਆਗੂ ਐਚ.ਐਸ. ਫੂਲਕਾ ਨੇ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਅਤੇ ਪੀੜਤ ਪਰਿਵਾਰਾਂ ਲਈ ਕੀਤੇ ਆਪਣੇ ਯਤਨਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਫੂਲਕਾ ਨੇ ਕਿਹਾ ਕਿ ਭਾਵੇਂ ਉਹ ਭਾਰਤੀ ਜਨਤਾ ਪਾਰਟੀ ਵਿੱਚ ਕੁਝ ਸਮਾਂ ਪਹਿਲਾਂ ਸ਼ਾਮਲ ਹੋਏ ਹਨ, ਪਰ ਭਾਜਪਾ ਨਾਲ ਉਨ੍ਹਾਂ ਦਾ ਨਾਤਾ ਕਰੀਬ 40 ਸਾਲ ਪੁਰਾਣਾ ਹੈ।

ਫੂਲਕਾ ਨੇ ਦਾਅਵਾ ਕੀਤਾ ਕਿ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸਾਂ ਦੀ ਪੈਰਵੀ ਦੌਰਾਨ ਭਾਜਪਾ ਵੱਲੋਂ ਉਨ੍ਹਾਂ ਨੂੰ ਕਾਫ਼ੀ ਸਹਿਯੋਗ ਮਿਲਿਆ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਵੀ ਕੁਝ ਚੰਗਾ ਕਰਨ ਦੀ ਸੋਚ ਨਾਲ ਗਏ ਸਨ, ਪਰ ਉਨ੍ਹਾਂ ਦੀਆਂ ਉਮੀਦਾਂ ਮੁਤਾਬਕ ਉੱਥੇ ਕੰਮ ਨਹੀਂ ਹੋ ਸਕਿਆ।

ਉਨ੍ਹਾਂ 1984 ਦੇ ਕਤਲੇਆਮ ਦੇ ਪੀੜਤਾਂ ਲਈ ਐਲਾਨੀ ਗਈ ਵਿੱਤੀ ਸਹਾਇਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਸੀ। ਫੂਲਕਾ ਮੁਤਾਬਕ ਇਹ ਰਕਮ ਕੇਂਦਰ ਵੱਲੋਂ ਦਿੱਤੀ ਜਾਣੀ ਸੀ, ਜਦਕਿ ਇਸ ਦੀ ਵੰਡ ਸੂਬਾ ਸਰਕਾਰਾਂ ਰਾਹੀਂ ਹੋਣੀ ਸੀ।

ਫੂਲਕਾ ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਸਹਾਇਤਾ ਰਾਸ਼ੀ ਪੀੜਤਾਂ ਤੱਕ ਪਹੁੰਚਾਉਣ ਵਿੱਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਇਹ ਮਾਮਲਾ ਉਠਾਇਆ ਸੀ। ਫੂਲਕਾ ਦੇ ਮੁਤਾਬਕ, ਇਸ ਮਾਮਲੇ ’ਤੇ ਸਰਕਾਰ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ 2015 ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਅਸਤੀਫ਼ੇ ਤੋਂ ਬਾਅਦ ਸਰਕਾਰ ’ਤੇ ਦਬਾਅ ਬਣਿਆ ਅਤੇ ਆਖ਼ਰਕਾਰ 1984 ਦੇ ਪੀੜਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ। ਫੂਲਕਾ ਨੇ ਕਿਹਾ ਕਿ ਉਨ੍ਹਾਂ ਲਈ ਅਹੁਦੇ ਨਾਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਸਹਾਇਤਾ ਦਿਵਾਉਣਾ ਵਧੇਰੇ ਮਹੱਤਵਪੂਰਨ ਸੀ।

ਸੱਜਣ ਕੁਮਾਰ ਮਾਮਲੇ ਦਾ ਵੀ ਕੀਤਾ ਜ਼ਿਕਰ

ਪ੍ਰੈੱਸ ਕਾਨਫਰੰਸ ਦੌਰਾਨ ਫੂਲਕਾ ਨੇ 1984 ਦੇ ਕਤਲੇਆਮ ਨਾਲ ਜੁੜੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਦੇ ਮਾਮਲਿਆਂ ਬਾਰੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਕੀਤੀ ਗਈ ਕਾਨੂੰਨੀ ਪੈਰਵੀ ਅਤੇ ਮਿਲੇ ਸਹਿਯੋਗ ਕਾਰਨ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਅੱਗੇ ਵਧੀ।

ਫੂਲਕਾ ਨੇ ਦੱਸਿਆ ਕਿ ਇੱਕ ਸਮੇਂ ਉਹ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸਨ ਅਤੇ ਉਸ ਦੌਰਾਨ ਉਨ੍ਹਾਂ ਸਾਹਮਣੇ ਇੱਕ ਪਾਸੇ ਆਪਣਾ ਅਹੁਦਾ ਬਚਾਉਣ ਅਤੇ ਦੂਜੇ ਪਾਸੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੀ ਪੈਰਵੀ ਕਰਨ ਦੀ ਸਥਿਤੀ ਬਣੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਮੀਰ ਦੀ ਆਵਾਜ਼ ਸੁਣਦਿਆਂ ਕੇਸ ਨੂੰ ਤਰਜੀਹ ਦਿੱਤੀ ਅਤੇ ਅਸਤੀਫ਼ਾ ਦੇ ਦਿੱਤਾ।

ਉਨ੍ਹਾਂ ਅਨੁਸਾਰ, ਬਾਅਦ ਵਿੱਚ ਅਦਾਲਤੀ ਕਾਰਵਾਈ ਵਿੱਚ ਉਨ੍ਹਾਂ ਦੇ ਅਸਤੀਫ਼ੇ ਦਾ ਵੀ ਜ਼ਿਕਰ ਹੋਇਆ ਅਤੇ ਸੱਜਣ ਕੁਮਾਰ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਸਜ਼ਾਵਾਂ ਹੋਈਆਂ।

ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ’ਤੇ ਵੀ ਬੋਲੇ ਫੂਲਕਾ

ਸੱਜਣ ਕੁਮਾਰ ਦੇ ਭੋਗ ਸਮਾਗਮ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ਦੇ ਮਾਮਲੇ ’ਤੇ ਫੂਲਕਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਉਸੇ ਦਿਨ ਸੋਸ਼ਲ ਮੀਡੀਆ ’ਤੇ ਆਪਣਾ ਇਤਰਾਜ਼ ਜ਼ਾਹਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਵੀ ਇਨ੍ਹਾਂ ਸੰਸਦ ਮੈਂਬਰਾਂ ਨੂੰ ਫਟਕਾਰ ਲਗਾਈ ਗਈ।

ਫੂਲਕਾ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਆਸੀ ਬਿਆਨਾਂ ਦੀ ਬਜਾਏ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਲਈ ਕਿਸ ਪਾਰਟੀ ਨੇ ਅਸਲ ਵਿੱਚ ਕੀ ਕੀਤਾ।

ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਦੇ ਮਾਮਲੇ ਸਿਰਫ਼ ਸਿਆਸਤ ਦਾ ਵਿਸ਼ਾ ਨਹੀਂ, ਸਗੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਨਾਲ ਜੁੜਿਆ ਗੰਭੀਰ ਮੁੱਦਾ ਹੈ।

ਰਿਪੋਰਟ: ਅਮਿਤ ਨੱਖਵਾਲ