Skip to content
ਨਾਭਾ ਦੇ ਰਿਹਾਇਸ਼ੀ ਇਲਾਕਿਆਂ ’ਚ ਧੜੱਲੇ ਨਾਲ ਵਿਕ ਰਹੇ ਪਟਾਕੇ, ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ’ਤੇ ਪਰਮਜੀਤ ਸਿੰਘ ਸਹੌਲੀ ਨੇ ਚੁੱਕੇ ਸਵਾਲ
ਨਾਭਾ (ਅਮਨ ਗਰਗ): ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਧੜੱਲੇ ਨਾਲ ਹੋ ਰਹੀ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੁਤੰਤਰ) ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੇ ਦੋਸ਼ ਲਾਇਆ ਕਿ ਸ਼ਹਿਰ ਵਿੱਚ ਬਿਨਾਂ ਕਿਸੇ ਰੋਕ-ਟੋਕ ਦੇ ਪਟਾਕਿਆਂ ਦੀ ਵਿਕਰੀ ਹੋਣਾ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਅਤੇ ਲਾਪਰਵਾਹੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।
ਬਾਰੂਦ ਦੇ ਢੇਰ ’ਤੇ ਬੈਠਾ ਨਾਭਾ ਸ਼ਹਿਰ, ਵੱਡੇ ਹਾਦਸੇ ਦਾ ਖ਼ਦਸ਼ਾ
ਸਹੌਲੀ ਨੇ ਕਿਹਾ ਕਿ ਨਾਭਾ ਦੇ ਅੰਦਰੂਨੀ ਰਿਹਾਇਸ਼ੀ ਇਲਾਕਿਆਂ ਅਤੇ ਤੰਗ ਗਲੀਆਂ ਵਿੱਚ ਪਟਾਕਿਆਂ ਦੇ ਸਟਾਲ ਲਗਾ ਕੇ ਖੁੱਲ੍ਹੇਆਮ ਵਿਕਰੀ ਕੀਤੀ ਜਾ ਰਹੀ ਹੈ। ਇਨ੍ਹਾਂ ਥਾਵਾਂ ’ਤੇ ਅੱਗ ਬੁਝਾਊ ਯੰਤਰਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਘਾਟ ਹੈ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਜਿਹੀ ਲਾਪਰਵਾਹੀ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਦੀ ਜਾਂਚ ਕਰਵਾਉਣ ਦੀ ਮੰਗ
ਅਕਾਲੀ ਦਲ (ਸੁਤੰਤਰ) ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਜਦੋਂ ਅਧਿਕਾਰੀਆਂ ਦੀ ਨੱਕ ਹੇਠ ਇਹ ਸਭ ਕੁਝ ਖੁੱਲ੍ਹੇਆਮ ਹੋ ਰਿਹਾ ਹੈ ਤਾਂ ਹੁਣ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਉੱਚ ਅਧਿਕਾਰੀ ਤੁਰੰਤ ਇਸ ਮਾਮਲੇ ਦਾ ਨੋਟਿਸ ਲੈਣ, ਰਿਹਾਇਸ਼ੀ ਇਲਾਕਿਆਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਪਟਾਕਿਆਂ ਦੀ ਵਿਕਰੀ ਬੰਦ ਕਰਵਾਈ ਜਾਵੇ ਅਤੇ ਇਸ ਲਈ ਨਿਰਧਾਰਤ ਕੀਤੀਆਂ ਖੁੱਲ੍ਹੀਆਂ ਥਾਵਾਂ ’ਤੇ ਹੀ ਵਿਕਰੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ’ਤੇ ਲੈਂਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਸੁਰਜੀਤ ਸਿੰਘ ਬਾਬਰਪੁਰ, ਹਰਬੰਸ ਮੈਸ, ਜਗਮੀਤ ਸਿੰਘ, ਕਾਮਰੇਡ ਗੁਰਜੀਤ ਸਿੰਘ ਬਿਨਾਂਹੈੜੀ, ਬਿੰਦਾ ਬਿਰਕ, ਪੂਰਨ ਚੰਦ ਅਲੋਹਰਾਂ, ਪ੍ਰਦਮਣ ਸਿੰਘ ਬਾਗੜੀਆਂ, ਦਲਵਾਰਾ ਬਾਗੜੀਆਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Related