Skip to content
ਨਾਭਾ ਵਿਖੇ ਦਿਵਾਲੀ ਦਾ ਤਿਉਹਾਰ ਧੂਮ-ਧਾਮ ਤੇ ਅਮਨ-ਸ਼ਾਂਤੀ ਨਾਲ ਮਨਾਇਆ ਗਿਆ, ਪੁਖ਼ਤਾ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਪ੍ਰਸ਼ਾਸਨ ਦੀ ਹੋਈ ਸ਼ਲਾਘਾ
ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਬਿਨਾਂ ਕਿਸੇ ਅਣਸੁਖਾਵੀਂ ਘਟਨਾ ਦੇ ਸ਼ਾਂਤੀਪੂਰਵਕ ਨੇਪਰੇ ਚੜ੍ਹੇ ਦਿਵਾਲੀ ਦੇ ਜਸ਼ਨ
ਨਾਭਾ, 9 ਨਵੰਬਰ (ਅਮਨ ਗਰਗ): ਨਾਭਾ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰੋਸ਼ਨੀਆਂ ਦਾ ਪਵਿੱਤਰ ਤਿਉਹਾਰ ਦਿਵਾਲੀ ਬੜੀ ਧੂਮ-ਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਅਮਨ-ਸ਼ਾਂਤੀ ਦੇ ਮਾਹੌਲ ਵਿੱਚ ਮਨਾਇਆ ਗਿਆ। ਸ਼ਹਿਰ ਵਾਸੀਆਂ ਨੇ ਬਿਨਾਂ ਕਿਸੇ ਡਰ-ਭੈਅ ਦੇ ਤਿਉਹਾਰ ਦਾ ਆਨੰਦ ਮਾਣਿਆ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।
ਇਸ ਸਬੰਧੀ ਡੀ.ਐਸ.ਪੀ. ਨਾਭਾ ਗੁਰਿੰਦਰ ਬਲ ਅਤੇ ਥਾਣਾ ਕੋਤਵਾਲੀ ਦੇ ਐਸ.ਐਚ.ਓ. ਇੰਸਪੈਕਟਰ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿਵਾਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰਨ ਦੇ ਨਾਲ-ਨਾਲ ਹਸਪਤਾਲਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਦਿਵਾਲੀ ਦੀ ਰਾਤ ਪੁਲਿਸ ਟੀਮਾਂ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ ਤਾਂ ਜੋ ਸ਼ਰਾਰਤੀ ਅਨਸਰਾਂ ਅਤੇ ਹੁੱਲੜਬਾਜ਼ਾਂ ’ਤੇ ਨਜ਼ਰ ਰੱਖੀ ਜਾ ਸਕੇ। ਪੁਲਿਸ ਦੀ ਮੁਸਤੈਦੀ ਅਤੇ ਸਖ਼ਤ ਮਿਹਨਤ ਸਦਕਾ ਪੂਰੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੀ ਅਤੇ ਲੋਕਾਂ ਨੇ ਖੁਸ਼ੀ ਨਾਲ ਤਿਉਹਾਰ ਮਨਾਇਆ।
ਦੂਜੇ ਪਾਸੇ ਸ਼ਹਿਰ ਦੇ ਪਤਵੰਤੇ ਸੱਜਣਾਂ, ਵਪਾਰ ਮੰਡਲ ਦੇ ਆਗੂਆਂ ਅਤੇ ਆਮ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਡੀ.ਐਸ.ਪੀ. ਗੁਰਿੰਦਰ ਬਲ, ਐਸ.ਐਚ.ਓ. ਇੰਸਪੈਕਟਰ ਗੁਰਪਿੰਦਰ ਸਿੰਘ ਅਤੇ ਸਮੁੱਚੀ ਪੁਲਿਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਦੀ ਇਸ ਮੁਸਤੈਦੀ ਕਾਰਨ ਹੀ ਸ਼ਹਿਰ ਵਾਸੀ ਬਿਨਾਂ ਕਿਸੇ ਪਰੇਸ਼ਾਨੀ ਦੇ ਤਿਉਹਾਰਾਂ ਦਾ ਆਨੰਦ ਮਾਣ ਸਕੇ।
Related