
Skip to content

ਨਾਭਾ ’ਚ ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਛਾਪੇਮਾਰੀ, ਦੁੱਧ ਤੇ ਪਨੀਰ ਸਮੇਤ ਕਈ ਪਦਾਰਥਾਂ ਦੇ ਸੈਂਪਲ ਭਰੇ
ਨਾਭਾ, 6 ਅਕਤੂਬਰ (ਅਮਨ ਗਰਗ): ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਨੂੰ ਮਿਲਾਵਟੀ ਅਤੇ ਗੈਰ-ਮਿਆਰੀ ਖਾਣ-ਪੀਣ ਦੀਆਂ ਵਸਤਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਨਾਭਾ ਸ਼ਹਿਰ ਵਿੱਚ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਵਿੱਚ ਮਿਲਾਵਟ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਫੂਡ ਸੇਫਟੀ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਡੇਅਰੀਆਂ ’ਤੇ ਛਾਪੇਮਾਰੀ ਕੀਤੀ।
ਸਿਹਤ ਵਿਭਾਗ ਦੀ ਟੀਮ ਵੱਲੋਂ ਨਾਭਾ ਦੇ ਮਹੇਸ਼ ਗੇਟ ਸਥਿਤ ਆਸੂ ਡੇਅਰੀ ਅਤੇ ਨਵੇਂ ਫੋਕਲ ਪੁਆਇੰਟ ਵਿਖੇ ਇੱਕ ਡੇਅਰੀ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਨੇ ਦੁੱਧ, ਪਨੀਰ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਹੋਰ ਪਦਾਰਥਾਂ ਦੇ ਸੈਂਪਲ ਲਏ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਜਾਵੇਗਾ।
ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਵਿੱਚ ਜਾਂਚ ਕੀਤੀ ਗਈ ਸੀ। ਉਸ ਸਮੇਂ ਜਿਹੜੀਆਂ ਕੁਝ ਦੁਕਾਨਾਂ ਬੰਦ ਮਿਲੀਆਂ ਸਨ, ਅੱਜ ਦੀ ਕਾਰਵਾਈ ਦੌਰਾਨ ਉਨ੍ਹਾਂ ਦੁਕਾਨਾਂ ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਗਈ।
ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਅਤੇ ਡੇਅਰੀ ਸੰਚਾਲਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ ਤੱਕ ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਪਹੁੰਚਾਉਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਦੁੱਧ ਜਾਂ ਦੁੱਧ ਤੋਂ ਬਣੀਆਂ ਵਸਤਾਂ ਵਿੱਚ ਮਿਲਾਵਟ ਪਾਈ ਜਾਂਦੀ ਹੈ ਤਾਂ ਸਬੰਧਤ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮਿਠਾਈਆਂ, ਹੋਰ ਖਾਣ-ਪੀਣ ਦੀਆਂ ਵਸਤਾਂ ਅਤੇ ਸਟਰੀਟ ਫੂਡ ਵੇਚਣ ਵਾਲੇ ਰੇਹੜੀ ਚਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਮਿਆਦ ਅਤੇ ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਫੂਡ ਸੇਫਟੀ ਅਫਸਰ ਨੇ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਦੀ ਇਹ ਜਾਂਚ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ, ਡੀ.ਐੱਚ.ਓ. ਅਤੇ ਸਿਹਤ ਵਿਭਾਗ ਦੀ ਟੀਮ ਦੇ ਹੋਰ ਮੈਂਬਰ ਮੌਜੂਦ ਸਨ।

Related