ਨਾਭਾ (ਅਮਨ ਗਰਗ): ਇੱਥੋਂ ਦੀ ਪ੍ਰਸਿੱਧ ਧਾਰਮਿਕ ਅਤੇ ਸਮਾਜਿਕ ਸੰਸਥਾ ਸ੍ਰੀ ਮਰਿਆਦਾ ਪੁਰਸ਼ੋਤਮ ਰਾਮ ਲੀਲਾ ਕਲੱਬ ਵੱਲੋਂ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਇਲਾਕੇ ਦੀ ਪ੍ਰਮੁੱਖ ਸ਼ਖਸੀਅਤ ਅਤੇ ਸਮਾਜ ਸੇਵੀ ਸੁਭਾਸ਼ ਬਾਂਸਲ ਨੂੰ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਪਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਸਮਾਰੋਹ ਦੌਰਾਨ ਕਲੱਬ ਦੇ ਪ੍ਰਬੰਧਕਾਂ ਨੇ ਸੁਭਾਸ਼ ਬਾਂਸਲ ਵੱਲੋਂ ਲੋਕ ਭਲਾਈ ਅਤੇ ਧਾਰਮਿਕ ਕਾਰਜਾਂ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਨੂੰ ਸਮਰਪਿਤ ਸ਼ਖਸੀਅਤਾਂ ਹੋਰਨਾਂ ਲਈ ਪ੍ਰੇਰਨਾ ਦਾ ਸਰੋਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ। ਇਸ ਮੌਕੇ ਕਲੱਬ ਵੱਲੋਂ ਸੁਭਾਸ਼ ਬਾਂਸਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸਨਮਾਨ ਪ੍ਰਾਪਤ ਕਰਨ ਉਪਰੰਤ ਸੁਭਾਸ਼ ਬਾਂਸਲ ਨੇ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਦਿੱਤਾ ਗਿਆ ਮਾਣ-ਸਤਿਕਾਰ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਕਲੱਬ ਦੀਆਂ ਧਾਰਮਿਕ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਆਪਣਾ ਹਰ ਸੰਭਵ ਸਹਿਯੋਗ ਦਿੰਦੇ ਰਹਿਣਗੇ।

ਇਸ ਮੌਕੇ ਕਲੱਬ ਦੇ ਪ੍ਰਧਾਨ ਅਨਿਲ ਕੁਮਾਰ, ਸੈਕਟਰੀ ਸੰਨੀ ਰਹੇਜਾ, ਕੈਸ਼ੀਅਰ ਮਾਸਟਰ ਲਾਲ, ਰਾਜ ਕੁਮਾਰ ਰਾਜੂ ਸਮੇਤ ਕਲੱਬ ਦੇ ਹੋਰ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।