ਸ਼੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਬੀਬੀ ਪਰਮਜੀਤ ਕੌਰ ਬਾਜਵਾ ਦਾ ਵਿਸ਼ੇਸ਼ ਸਨਮਾਨ
ਨਾਭਾ (ਅਮਨ ਗਰਗ): ਸਥਾਨਕ ਸ਼੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਵੱਲੋਂ ਕਰਵਾਈ ਜਾ ਰਹੀ ਰਾਮਲੀਲਾ ਦੇ ਮੰਚਨ ਦੌਰਾਨ ਪ੍ਰਸਿੱਧ ਸਮਾਜ ਸੇਵਕ ਬੀਬੀ ਪਰਮਜੀਤ ਕੌਰ ਬਾਜਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਪਹੁੰਚਣ ’ਤੇ ਕਲੱਬ ਦੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਬੀਬੀ ਪਰਮਜੀਤ ਕੌਰ ਬਾਜਵਾ ਵੱਲੋਂ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਉਪਰੰਤ ਰਾਮਲੀਲਾ ਦੇ ਮੰਚ ਤੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੀਬੀ ਪਰਮਜੀਤ ਕੌਰ ਬਾਜਵਾ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਲੀਲਾ ਵਰਗੇ ਧਾਰਮਿਕ ਮੰਚ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਨੈਤਿਕ ਕਦਰਾਂ-ਕੀਮਤਾਂ ਅਤੇ ਪ੍ਰਭੂ ਸ਼੍ਰੀ ਰਾਮ ਵੱਲੋਂ ਦਰਸਾਏ ਸੱਚ ਦੇ ਮਾਰਗ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਗਮ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਵਿੱਚ ਚੰਗੇ ਸੰਸਕਾਰਾਂ ਦਾ ਸੰਚਾਰ ਵੀ ਕਰਦੇ ਹਨ।
ਉਨ੍ਹਾਂ ਨੇ ਕਲੱਬ ਦੇ ਪ੍ਰਬੰਧਕਾਂ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ।

