ਨਾਭਾ ਪੁਲਿਸ ਦੀ ਵੱਡੀ ਕਾਰਵਾਈ, 5.55 ਗ੍ਰਾਮ ਚਿੱਟੇ ਸਮੇਤ ਮਹਿਲਾ ਗ੍ਰਿਫ਼ਤਾਰ

ਨਾਭਾ (ਅਮਨ ਗਰਗ): ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਭਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਢੇਹਾ ਬਸਤੀ, ਅਲੋਹਰਾਂ ਗੇਟ, ਨਾਭਾ ਤੋਂ ਇੱਕ ਮਹਿਲਾ ਨੂੰ 5.55 ਗ੍ਰਾਮ ਚਿੱਟੇ (ਹੈਰੋਇਨ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮਹਿਲਾ ਦੀ ਪਛਾਣ ਸਪਨਾ ਪਤਨੀ ਗੋਬਿੰਦ, ਵਾਸੀ ਢੇਹਾ ਬਸਤੀ, ਅਲੋਹਰਾਂ ਗੇਟ, ਨਾਭਾ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਕੋਤਵਾਲੀ ਨਾਭਾ ਦੇ ਐੱਸ.ਐੱਚ.ਓ. ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਮੋਹਨ ਸਿੰਘ ਅਤੇ ਪੁਲਿਸ ਪਾਰਟੀ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਅਲੋਹਰਾਂ ਗੇਟ ਸਥਿਤ ਢੇਹਾ ਬਸਤੀ ਨੇੜੇ ਪਹੁੰਚੀ ਤਾਂ ਇੱਕ ਘਰ ਦੇ ਵਿਹੜੇ ਵਿੱਚ ਖੜ੍ਹੀ ਮਹਿਲਾ ਪੁਲਿਸ ਨੂੰ ਦੇਖ ਕੇ ਘਬਰਾ ਗਈ। ਸ਼ੱਕ ਹੋਣ ‘ਤੇ ਪੁਲਿਸ ਨੇ ਉਸ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ 5.55 ਗ੍ਰਾਮ ਚਿੱਟਾ ਬਰਾਮਦ ਹੋਇਆ।

ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ

ਥਾਣਾ ਮੁਖੀ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਮਹਿਲਾ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਨਾਭਾ ਵਿਖੇ ਐੱਫ.ਆਈ.ਆਰ. ਨੰਬਰ 157, ਮਿਤੀ 17 ਅਕਤੂਬਰ 2026 ਨੂੰ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਐੱਸ.ਐੱਚ.ਓ. ਗੁਰਪਿੰਦਰ ਸਿੰਘ ਨੇ ਕਿਹਾ ਕਿ ਨਾਭਾ ਇਲਾਕੇ ਵਿੱਚ ਨਸ਼ਾ ਤਸਕਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।