Skip to content
18 ਸਾਲ ਤੋਂ ਘੱਟ ਉਮਰ ਦੇ ਵਾਹਨ ਚਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਟਰੈਫਿਕ ਇੰਚਾਰਜ ਸਤਨਾਮ ਸਿੰਘ ਨਾਭਾ 18 ਨਵੰਬਰ (ਅਮਨ ਗਰਗ ) ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਨਾਭਾ ਟਰੈਫਿਕ ਪੁਲਿਸ ਵੱਲੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਅੱਜ ਨਾਭਾ ਦੇ ਰੈਸਟ ਹਾਊਸ ਨੇੜੇ ਟਰੈਫਿਕ ਇੰਚਾਰਜ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਵਿਸ਼ੇਸ਼ ਨਾਕਾ ਲਗਾ ਕੇ ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਅਧੂਰੇ ਕਾਗਜ਼ਾਤ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਮੌਕੇ ‘ਤੇ ਹੀ ਚਲਾਨ ਕੱਟੇ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਚੈਕਿੰਗ ਮੁਹਿੰਮ ਰੋਜ਼ਾਨਾ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਨਿਯਮ ਤੋੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਆਪਣੇ ਵਾਹਨਾਂ ਦੇ ਸਾਰੇ ਕਾਗਜ਼-ਪੱਤਰ ਪੂਰੇ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।
ਇਸ ਤੋਂ ਇਲਾਵਾ ਉਨ੍ਹਾਂ ਮਾਪਿਆਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਵਾਹਨ ਚਲਾਉਂਦਾ ਫੜਿਆ ਗਿਆ, ਤਾਂ ਉਸ ਦੇ ਵਾਹਨ ਨੂੰ ਤੁਰੰਤ ਜ਼ਬਤ (ਬੰਦ) ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਫੋਟੋ ਕੈਪਸ਼ਨ: ਨਾਭਾ ਦੇ ਰੈਸਟ ਹਾਊਸ ਨੇੜੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਟਰੈਫਿਕ ਇੰਚਾਰਜ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ।
Related