
Skip to content

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਦੇਸ਼ ਦੀ ਰਾਜਨੀਤੀ ਦੇ ਅਪਰਾਧੀਕਰਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਦਾਇਰ ਰਿਪੋਰਟ ਨੇ ਚਿੰਤਾਜਨਕ ਤਸਵੀਰ ਸਾਹਮਣੇ ਰੱਖੀ ਹੈ। ਰਿਪੋਰਟ ਮੁਤਾਬਕ ਲੋਕ ਸਭਾ ਦੇ 543 ਮੈਂਬਰਾਂ ਵਿੱਚੋਂ 251 ਅਤੇ ਰਾਜ ਸਭਾ ਦੇ 233 ਮੈਂਬਰਾਂ ਵਿੱਚੋਂ 75 ਮੈਂਬਰਾਂ ਵਿਰੁਧ ਅਪਰਾਧਕ ਮਾਮਲੇ ਦਰਜ ਹਨ। ਸੀਨੀਅਰ ਵਕੀਲ ਵਿਜੇ ਹੰਸਾਰੀਆ ਨੇ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ।
ਹੰਸਾਰੀਆ ਨੂੰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁਧ ਦਰਜ ਅਪਰਾਧਕ ਮਾਮਲਿਆਂ ਦੇ ਜਲਦੀ ਨਿਪਟਾਰੇ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਵਿੱਚ ਐਮਿਕਸ ਕਿਊਰੀ ਨਿਯੁਕਤ ਕੀਤਾ ਗਿਆ ਹੈ। ਹਲਫ਼ਨਾਮੇ ਅਨੁਸਾਰ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਵਿਰੁਧ ਕੁੱਲ 4,192 ਅਪਰਾਧਕ ਮਾਮਲੇ ਲੰਬਿਤ ਹਨ।
ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 28 ਵਿੱਚੋਂ 14 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪਣੇ ਵਿਰੁਧ ਅਪਰਾਧਕ ਮਾਮਲਿਆਂ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਵਿੱਚ ਗੰਭੀਰ ਮਾਮਲੇ ਵੀ ਸ਼ਾਮਲ ਹਨ। ਅੰਕੜਿਆਂ ਮੁਤਾਬਕ ਤੇਲੰਗਾਨਾ ਦੇ ਮੁੱਖ ਮੰਤਰੀ ਅਨੁਮੁਲਾ ਰੇਵੰਤ ਰੈੱਡੀ ਵਿਰੁਧ 89 ਮਾਮਲੇ ਦਰਜ ਹਨ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਵਿਰੁਧ 29 ਅਤੇ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਵਿਰੁਧ 19 ਮਾਮਲੇ ਦਰਜ ਹਨ।
ਹੰਸਾਰੀਆ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਵੱਲੋਂ ਤੇਜ਼ ਸੁਣਵਾਈ ਦੀ ਨਿਗਰਾਨੀ ਦੇ ਬਾਵਜੂਦ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁਧ ਲੰਬਿਤ ਮਾਮਲਿਆਂ ਦੀ ਗਿਣਤੀ ਸਾਲ 2018 ਤੋਂ ਲਗਭਗ ਉਸੇ ਪੱਧਰ ’ਤੇ ਬਣੀ ਹੋਈ ਹੈ। ਉਨ੍ਹਾਂ ਅਨੁਸਾਰ ਸਾਲ 2025 ਦੌਰਾਨ 1,243 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਜਦਕਿ ਇਸੇ ਸਾਲ 1,050 ਨਵੇਂ ਮਾਮਲੇ ਦਰਜ ਹੋਏ।
ਸੰਸਦ ਮੈਂਬਰਾਂ ਸਬੰਧੀ ਵੱਖਰੇ ਅੰਕੜਿਆਂ ਮੁਤਾਬਕ ਕੇਰਲ ਦੇ 20 ਸੰਸਦ ਮੈਂਬਰਾਂ ਵਿੱਚੋਂ 19 ਵਿਰੁਧ ਅਪਰਾਧਕ ਮਾਮਲੇ ਦਰਜ ਹਨ। ਤੇਲੰਗਾਨਾ ਦੇ 17 ਵਿੱਚੋਂ 14, ਓਡੀਸ਼ਾ ਦੇ 21 ਵਿੱਚੋਂ 16, ਝਾਰਖੰਡ ਦੇ 14 ਵਿੱਚੋਂ 10 ਅਤੇ ਤਾਮਿਲਨਾਡੂ ਦੇ 39 ਵਿੱਚੋਂ 26 ਸੰਸਦ ਮੈਂਬਰਾਂ ਵਿਰੁਧ ਮਾਮਲੇ ਦਰਜ ਹਨ।
ਪੰਜਾਬ ਦੇ 13 ਸੰਸਦ ਮੈਂਬਰਾਂ ਵਿੱਚੋਂ 2, ਅਸਾਮ ਦੇ 14 ਵਿੱਚੋਂ 3, ਦਿੱਲੀ ਦੇ 7 ਵਿੱਚੋਂ 3, ਰਾਜਸਥਾਨ ਦੇ 25 ਵਿੱਚੋਂ 4, ਗੁਜਰਾਤ ਦੇ 25 ਵਿੱਚੋਂ 5 ਅਤੇ ਮੱਧ ਪ੍ਰਦੇਸ਼ ਦੇ 29 ਵਿੱਚੋਂ 9 ਸੰਸਦ ਮੈਂਬਰਾਂ ਵਿਰੁਧ ਅਪਰਾਧਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਰਿਆਣਾ ਅਤੇ ਛੱਤੀਸਗੜ੍ਹ ਤੋਂ ਇੱਕ-ਇੱਕ ਸੰਸਦ ਮੈਂਬਰ ਵਿਰੁਧ ਅਜਿਹੇ ਮਾਮਲੇ ਦਰਜ ਹਨ।
ਐਮਿਕਸ ਕਿਊਰੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁਧ ਲੰਬਿਤ ਅਪਰਾਧਕ ਮਾਮਲਿਆਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਤਾਂ ਜੋ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਰਿਪੋਰਟ ਵਿੱਚ ਉੱਤਰ ਪ੍ਰਦੇਸ਼ ਦੇ ਅੰਕੜੇ ਸ਼ਾਮਲ ਨਹੀਂ ਕੀਤੇ ਗਏ ਕਿਉਂਕਿ ਇਲਾਹਾਬਾਦ ਹਾਈ ਕੋਰਟ ਤੋਂ ਇਸ ਸਬੰਧੀ ਰਿਪੋਰਟ ਪ੍ਰਾਪਤ ਨਹੀਂ ਹੋਈ ਸੀ।

Related