ਮੰਗਾਂ ਦੀ ਪ੍ਰਾਪਤੀ ਤੱਕ ਐਨਐਚਐਮ ਕਰਮਚਾਰੀਆਂ ਦੇ ਸੰਘਰਸ਼ ਨਾਲ ਖੜ੍ਹੀ ਰਹੇਗੀ ਡੀਟੀਐੱਫ ਪੰਜਾਬ

ਫ਼ਿਰੋਜ਼ਪੁਰ/ਜਤਿੰਦਰ ਪਿੰਕਲ : ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਐਨਐਚਐਮ ਇੰਪਲਾਇਜ਼ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਵੱਲੋਂ ਡਟਵਾਂ ਸਮਰਥਨ ਦਿੱਤਾ ਗਿਆ।
ਡੀਟੀਐੱਫ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਹੇਠ ਸ਼ਮੂਲੀਅਤ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਠੇਕਾ ਪ੍ਰਥਾ ਤਹਿਤ ਕੰਮ ਕਰ ਰਹੇ ਐਨਐਚਐਮ ਕਰਮਚਾਰੀਆਂ ਨਾਲ ਆਰਥਿਕ ਅਤੇ ਮਾਨਸਿਕ ਬੇਇਨਸਾਫ਼ੀ ਹੋ ਰਹੀ ਹੈ।
ਆਗੂਆਂ ਮੁਤਾਬਕ ਕਰਮਚਾਰੀ ਆਪਣੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ 17 ਅਗਸਤ 2026 ਤੋਂ ਹੜਤਾਲ ’ਤੇ ਹਨ। ਇਸ ਦੌਰਾਨ ਰਿਪੋਰਟਿੰਗ, ਮੀਟਿੰਗਾਂ, ਇੰਸਪੈਕਸ਼ਨਾਂ ਅਤੇ ਹੋਰ ਕੰਮ ਮੁਕੰਮਲ ਤੌਰ ’ਤੇ ਬੰਦ ਕੀਤੇ ਗਏ ਹਨ। ਡੀਟੀਐੱਫ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਹੋਰ ਦੇਰੀ ਕੀਤੇ ਐਨਐਚਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲਿਖਤੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
ਡੀਟੀਐੱਫ ਨੇ ਮੰਗ ਕੀਤੀ ਕਿ ਐਨਐਚਐਮ ਕਰਮਚਾਰੀਆਂ ਲਈ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਸਿਧਾਂਤ ਲਾਗੂ ਕੀਤਾ ਜਾਵੇ। ਪਿਛਲੇ ਸਾਢੇ ਚਾਰ ਸਾਲਾਂ ਤੋਂ ਤਨਖਾਹਾਂ ਵਿੱਚ ਵਾਧਾ ਨਾ ਹੋਣ ਦੇ ਮੱਦੇਨਜ਼ਰ ਮਹਿੰਗਾਈ ਦੇ ਅਨੁਕੂਲ ਸਨਮਾਨਯੋਗ ਤਨਖਾਹ ਵਾਧਾ, ਵੱਖ-ਵੱਖ ਕੇਡਰਾਂ ਦੀਆਂ ਤਨਖਾਹਾਂ ਦਾ ਪੁਨਰਗਠਨ ਅਤੇ ਲੋਇਲਟੀ ਬੋਨਸ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਤੋਂ ਇਲਾਵਾ ਐਨਐਚਐਮ ਪੰਜਾਬ ਦੇ ਕੱਚੇ ਮੁਲਾਜ਼ਮਾਂ ਦੀ ਰਿਟਾਇਰਮੈਂਟ ਉਮਰ ਘੱਟੋ-ਘੱਟ 62 ਸਾਲ ਕਰਨ ਅਤੇ ਲੰਬੀ ਸੇਵਾ ਤੋਂ ਬਾਅਦ ਖਾਲੀ ਹੱਥ ਸੇਵਾਮੁਕਤ ਹੋਣ ਦੀ ਪ੍ਰਥਾ ਖ਼ਤਮ ਕਰਕੇ ਰਿਟਾਇਰਮੈਂਟ ਉਪਰੰਤ ਗਰੈਚੁਟੀ ਦੀ ਸਹੂਲਤ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਹਰ ਮਹੀਨੇ ਦੀ 5 ਤਾਰੀਖ ਤੱਕ ਤਨਖਾਹ ਜਾਰੀ ਕਰਨ ਲਈ ਅਦਾਇਗੀ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਮੰਗ ਵੀ ਰੱਖੀ।
ਡੀਟੀਐੱਫ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਕਰਮਚਾਰੀਆਂ ਨੂੰ ਠੇਕਾ ਪ੍ਰਥਾ ਰਾਹੀਂ ਅਸੁਰੱਖਿਆ ਵਿੱਚ ਰੱਖਣਾ ਬੇਇਨਸਾਫ਼ੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ 27 ਅਗਸਤ ਨੂੰ ਐਨਐਚਐਮ ਸਟੇਟ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਡੀਟੀਐੱਫ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਡੀਟੀਐੱਫ ਪੰਜਾਬ ਐਨਐਚਐਮ ਕਰਮਚਾਰੀਆਂ ਦੇ ਹੱਕੀ ਸੰਘਰਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਆਪਣਾ ਸਮਰਥਨ ਜਾਰੀ ਰੱਖੇਗੀ। ਇਸ ਮੌਕੇ ਅਮਿਤ ਸ਼ਰਮਾ, ਹੀਰਾ ਸਿੰਘ ਤੂਤ, ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ, ਅਮਿਤ ਕੰਬੋਜ, ਸਵਰਨ ਸਿੰਘ, ਨਰਿੰਦਰ ਜੰਮੂ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮਜੀਤ, ਅਨਿਲ ਧਵਨ, ਗਗਨ ਮਿੱਤਲ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਜਤਿੰਦਰ ਪਿੰਕਲ, ਫ਼ਿਰੋਜ਼ਪੁਰ

