
Skip to content

ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਲੁਧਿਆਣਾ ਵਿੱਚ ਸੂਬੇ ਦੇ ਨੌਜਵਾਨ ਪੇਸ਼ੇਵਰਾਂ, ਉਦਯੋਗਪਤੀਆਂ, ਕਿਸਾਨਾਂ ਅਤੇ ਖਿਡਾਰੀਆਂ ਨਾਲ ਵਿਸ਼ੇਸ਼ ਸੰਵਾਦ ਕੀਤਾ। ਇਸ ਦੌਰਾਨ ਕਰੀਬ 100 ਨੌਜਵਾਨਾਂ ਨੇ ਪੰਜਾਬ ਦੇ ਵਿਕਾਸ, ਰੋਜ਼ਗਾਰ, ਨਿਵੇਸ਼ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।
ਸੰਵਾਦ ਦੌਰਾਨ ਨੌਜਵਾਨਾਂ ਨੇ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਵਧਾਉਣ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਡਬਲ ਇੰਜਣ ਸਰਕਾਰ ਦੀ ਲੋੜ ‘ਤੇ ਜ਼ੋਰ ਦਿੱਤਾ। ਵਕੀਲਾਂ ਨੇ ਕਾਨੂੰਨ-ਵਿਵਸਥਾ ਅਤੇ ਵਧ ਰਹੀਆਂ ਫਿਰੌਤੀ ਦੀਆਂ ਘਟਨਾਵਾਂ ‘ਤੇ ਚਿੰਤਾ ਜਤਾਈ, ਜਦਕਿ ਮਹਿਲਾਵਾਂ ਨੇ ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਉਠਾਏ।
ਡਾਕਟਰਾਂ ਨੇ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਲੰਬਿਤ ਭੁਗਤਾਨਾਂ ਦੀ ਸਮੱਸਿਆ ਸਾਹਮਣੇ ਰੱਖੀ, ਜਦਕਿ ਸਟਾਰਟਅੱਪ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਨੌਜਵਾਨਾਂ ਨੇ ਕੂਰੀਅਰ ਸੇਵਾਵਾਂ ਵਿੱਚ ਪੰਜਾਬ ਨੂੰ ਡੀ-ਕੈਟਾਗਰੀ ਵਿੱਚ ਰੱਖੇ ਜਾਣ ਕਾਰਨ ਵੱਧ ਰਹੀ ਲਾਗਤ ਬਾਰੇ ਜਾਣਕਾਰੀ ਦਿੱਤੀ।
ਖੇਤੀਬਾੜੀ ਖੇਤਰ ਨਾਲ ਸਬੰਧਤ ਨੌਜਵਾਨਾਂ ਨੇ ਫਸਲੀ ਵਿਭਿੰਨਤਾ, ਡੇਅਰੀ ਉਦਯੋਗ ਅਤੇ ਕੋਲਡ ਸਟੋਰੇਜ ਪ੍ਰਬੰਧਨ ਦੇ ਆਪਣੇ ਸਫਲ ਮਾਡਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨੌਜਵਾਨਾਂ ਦੀਆਂ ਗੱਲਾਂ ਸੁਣਨ ਤੋਂ ਬਾਅਦ ਨਿਤਿਨ ਨਬੀਨ ਨੇ ਭਰੋਸਾ ਦਿੱਤਾ ਕਿ ਭਾਜਪਾ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ਅਤੇ ਸਮੱਸਿਆਵਾਂ ਨੂੰ ਸਹੀ ਮੰਚ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਸੀਮ ਸੰਭਾਵਨਾਵਾਂ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਉੱਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਤਰੁਣ ਚੁੱਘ, ਡਾ. ਨਰਿੰਦਰ ਰੈਣਾ ਅਤੇ ਪਰਮਿੰਦਰ ਸਿੰਘ ਬਰਾੜ ਵੀ ਮੌਜੂਦ ਸਨ।
Related