Skip to content
ਨਵੀਨ ਪੁਰੀ, ਜਲੰਧਰ, 18 ਨਵੰਬਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ਵਿਆਪੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ 16 ਦਿਨਾਂ ਦੀ ਯਾਤਰਾ ਸੱਤ ਰਾਜਾਂ ਦੇ 47 ਸ਼ਹਿਰਾਂ ਵਿੱਚੋਂ ਲਗਭਗ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮਸਥਲੀ ਵਾਰਾਣਸੀ ਵਿਖੇ ਸੰਪੰਨ ਹੋਵੇਗੀ।
ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਨਿਤਿਨ ਨਬੀਨ ਨੇ ਭਾਜਪਾ ਦੀ ਪੰਜਾਬ ਲੀਡਰਸ਼ਿਪ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਪਿੰਡ ਰਾਏਪੁਰ-ਰਸੂਲਪੁਰ ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਵਿੱਚ ਉਨ੍ਹਾਂ ਨੇ ਸੰਤਾਂ-ਮਹਾਂਪੁਰਸ਼ਾਂ ਅਤੇ ਸੰਗਤਾਂ ਦੀ ਹਾਜ਼ਰੀ ਵਿੱਚ ਯਾਤਰਾ ਨੂੰ ਰਵਾਨਾ ਕੀਤਾ।
ਇਸ ਮੌਕੇ ਨਿਤਿਨ ਨਬੀਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦੀ ਵਿਦਾਈ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਦੀਆਂ ਜੇਬਾਂ ਭਰਨ ਲਈ ਏਟੀਐਮ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਨਸ਼ਾ ਮੁਕਤ ਸੂਬਾ ਬਣਾਉਣ, ਰੁਜ਼ਗਾਰ ਦੇਣ ਅਤੇ ਬਿਹਤਰ ਕਾਨੂੰਨ ਵਿਵਸਥਾ ਕਾਇਮ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਇਨ੍ਹਾਂ ਮੋਰਚਿਆਂ ’ਤੇ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਉਦਯੋਗਾਂ ਦੀ ਮੰਦੀ ਚਿੰਤਾ ਦਾ ਵਿਸ਼ਾ ਹੈ। ਅੱਜ ਸੂਬੇ ਵਿੱਚ ਪੁਲਿਸ ਮੁਲਾਜ਼ਮ ਅਤੇ ਪੁਲਿਸ ਥਾਣੇ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ।
ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਕਾਂਗਰਸ ਸੰਵਿਧਾਨ ਦੀ ਰੱਖਿਆ ਦੀਆਂ ਗੱਲਾਂ ਕਰਦੀ ਹੈ, ਪਰ ਐਮਰਜੈਂਸੀ ਦੌਰਾਨ ਇਸੇ ਪਾਰਟੀ ਨੇ ਸੰਵਿਧਾਨ ਦਾ ਘਾਣ ਕੀਤਾ ਸੀ। ਉਨ੍ਹਾਂ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਸ ਦੌਰ ਨੂੰ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਵਿਦੇਸ਼ੀ ਧਰਤੀ ’ਤੇ ਭਾਰਤੀ ਲੋਕਤੰਤਰ ਬਾਰੇ ਕੀਤੀਆਂ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ।
ਨਿਤਿਨ ਨਬੀਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ਐਨਡੀਏ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਵਿਕਸਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੰਦੀ ਹੈ: ਕੇਵਲ ਸਿੰਘ ਢਿੱਲੋਂ
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਾਵਨ ਬਾਣੀ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਸਮਾਜਿਕ ਬਰਾਬਰੀ, ਆਪਸੀ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ’ਤੇ ਰੱਖਣਾ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਪੰਜਾਬ ਦੀ ਸੰਗਤ ਪ੍ਰਤੀ ਸਨਮਾਨ ਦਾ ਪ੍ਰਤੀਕ ਹੈ। ਇਹ ਯਾਤਰਾ ਕੋਈ ਸਿਆਸੀ ਉਪਰਾਲਾ ਨਹੀਂ, ਸਗੋਂ ਗੁਰੂ ਸਾਹਿਬ ਦੇ ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਉਪਰਾਲਾ ਹੈ।
3 ਦਸੰਬਰ ਨੂੰ ਵਾਰਾਣਸੀ ਵਿਖੇ ਸੰਪੰਨ ਹੋਵੇਗੀ ਯਾਤਰਾ: ਲਾਲ ਸਿੰਘ ਆਰਿਆ
ਭਾਜਪਾ ਦੇ ਕੌਮੀ ਮੀਤ ਪ੍ਰਧਾਨ ਲਾਲ ਸਿੰਘ ਆਰਿਆ ਨੇ ਦੱਸਿਆ ਕਿ ਇਹ ਯਾਤਰਾ ਕੁੱਲ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਪੰਜਾਬ ਵਿੱਚ ਇਹ ਯਾਤਰਾ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚੋਂ ਲੰਘੇਗੀ ਅਤੇ ਲਗਭਗ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਗੁਰੂ ਪੂਰਨਿਮਾ 29 ਜੁਲਾਈ 2026 ਤੋਂ 20 ਫਰਵਰੀ 2027 ਤੱਕ ਪੰਜ ਪੜਾਵਾਂ ਵਿੱਚ ਕਰਵਾਇਆ ਜਾ ਰਿਹਾ ਹੈ।
ਇਹ ਆਗੂ ਰਹੇ ਮੌਜੂਦ
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਵੀਰਿੰਦਰ ਸਚਦੇਵਾ, ਅਲਕਾ ਗੁਰਜਰ, ਰਾਜ ਸਭਾ ਮੈਂਬਰ ਤਰੁਣ ਚੁੱਘ, ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ, ਅਵਿਨਾਸ਼ ਰਾਏ ਖੰਨਾ, ਸੰਦੀਪ ਪਾਠਕ, ਸਤਨਾਮ ਸਿੰਘ ਸੰਧੂ, ਰਾਜੇਸ਼ ਬੱਗਾ, ਅਨਿਲ ਸਰੀਨ, ਰਜਨੀਸ਼ ਧੀਮਾਨ, ਪਰਮਿੰਦਰ ਬਰਾੜ, ਸ਼ੀਤਲ ਅੰਗੁਰਾਲ, ਚਰਨਜੀਤ ਸਿੰਘ ਅਟਵਾਲ, ਸੁਸ਼ੀਲ ਰਿੰਕੂ, ਅਵਿਨਾਸ਼ ਚੰਦਰ, ਅਸ਼ੋਕ ਸਰੀਨ ਸਮੇਤ ਕਈ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
Related