
Skip to content

ਪੰਜਾਬ ਕੈਬਿਨੇਟ ਦੇ ਵੱਡੇ ਫ਼ੈਸਲੇ: NEET ਵਿਦਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ, 1013 ਲੈਕਚਰਾਰ ਭਰਤੀਆਂ ‘ਚ ਉਮਰ ਹੱਦ ‘ਚ ਛੋਟ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨੇਟ ਦੀ ਮੀਟਿੰਗ ਵਿੱਚ ਵਿਦਿਆਰਥੀਆਂ, ਨੌਜਵਾਨਾਂ ਅਤੇ ਹੜ੍ਹ ਸੁਰੱਖਿਆ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਿਨੇਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਵਿੱਤ ਮੰਤਰੀ ਨੇ ਦੱਸਿਆ ਕਿ NEET ਦੀ ਰੀ-ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਇਸ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਆਸਾਨੀ ਹੋਵੇਗੀ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਵੀ ਘੱਟ ਪਵੇਗਾ।
ਕੈਬਿਨੇਟ ਨੇ 1013 ਲੈਕਚਰਾਰ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਨੂੰ ਪੰਜ ਸਾਲ ਦੀ ਉਮਰ ਹੱਦ ਵਿੱਚ ਛੋਟ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਮੌਕਾ ਮਿਲੇਗਾ।
ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵਿੱਚ 156 ਇੰਜੀਨੀਅਰਾਂ ਦੀ ਸਿੱਧੀ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਵਿਭਾਗ ਦੀ ਤਕਨੀਕੀ ਸਮਰੱਥਾ ਮਜ਼ਬੂਤ ਹੋਵੇਗੀ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।
ਮਾਨਸੂਨ ਦੇ ਮੱਦੇਨਜ਼ਰ ਹੜ੍ਹ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰ ਨੇ ਨਹਿਰਾਂ ਅਤੇ ਡਰੇਨਾਂ ਦੀ ਡੀ-ਸਿਲਟਿੰਗ ਦੇ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਮਾਨਸੂਨ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਕੇ ਜਲਭਰਾਅ ਅਤੇ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਹੈ।
Related