ਅਣਸੁਖਾਵੀਂ ਸਥਿਤੀ ਵਿੱਚ ਆਪਸੀ ਤਾਲਮੇਲ ਅਤੇ ਤੁਰੰਤ ਰਾਹਤ ਤੇ ਬਚਾਅ ਕਾਰਜਾਂ ਦੀ ਸਮਰੱਥਾ ਪਰਖਣਾ ਮੌਕ ਡਰਿੱਲ ਦਾ ਮੁੱਖ ਉਦੇਸ਼: ਪਰਮਿੰਦਰ ਸਿੰਘ ਥਿੰਦ

ਜਤਿੰਦਰ ਪਿੰਕਲ, ਫ਼ਿਰੋਜ਼ਪੁਰ। 27 ਨਵੰਬਰ ਨੂੰ ਰਾਤ 8 ਵਜੇ ਦੇਸ਼ ਭਰ ਵਿੱਚ ਕਰਵਾਈ ਜਾਣ ਵਾਲੀ ਮੌਕ ਡਰਿੱਲ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਿਵਲ ਡਿਫੈਂਸ ਟਾਊਨ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਸਥਾਨਕ ਸਿਵਲ ਡਿਫੈਂਸ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਿਵਲ ਡਿਫੈਂਸ ਫ਼ਿਰੋਜ਼ਪੁਰ ਦੇ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸਿਵਲ ਡਿਫੈਂਸ ਦੇ ਵਾਰਡਨਾਂ, ਹੋਮਗਾਰਡ ਅਧਿਕਾਰੀਆਂ, ਪੀਐੱਸਪੀਸੀਐੱਲ, ਸਿੱਖਿਆ ਵਿਭਾਗ, ਨਗਰ ਕੌਂਸਲ ਫ਼ਿਰੋਜ਼ਪੁਰ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਮੌਕ ਡਰਿੱਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਵਲ ਡਿਫੈਂਸ ਦੇ ਵਾਰਡਨਾਂ ਅਤੇ ਵਲੰਟੀਅਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਨਿਰਧਾਰਤ ਕੀਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਅਤੇ ਸਟੋਰ ਸੁਪਰਡੈਂਟ ਅਨੀਸ਼ ਗੁਪਤਾ ਨੇ ਦੱਸਿਆ ਕਿ 27 ਨਵੰਬਰ ਨੂੰ ਰਾਤ 8 ਵਜੇ ਫ਼ਿਰੋਜ਼ਪੁਰ ਦੇ ਹਾਊਸਿੰਗ ਬੋਰਡ ਸਥਿਤ ਪੁੱਡਾ ਮਾਰਕੀਟ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਨਿਰਧਾਰਤ ਸਮੇਂ ‘ਤੇ ਸਾਇਰਨ ਵੱਜਣ ਦੇ ਨਾਲ ਬਲੈਕਆਊਟ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਐਮਰਜੈਂਸੀ ਵਰਗੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਲਗਭਗ 10 ਮਿੰਟ ਬਾਅਦ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਸਿਵਲ ਡਿਫੈਂਸ, ਐਨਸੀਸੀ ਵਲੰਟੀਅਰਾਂ ਅਤੇ ਪੰਜਾਬ ਹੋਮਗਾਰਡਜ਼ ਵੱਲੋਂ ਸਿਹਤ ਵਿਭਾਗ ਦੀ ਸਹਾਇਤਾ ਨਾਲ ਜ਼ਖ਼ਮੀਆਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਦਾ ਅਭਿਆਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੌਕੇ ‘ਤੇ ਮੌਜੂਦ ਲੋਕਾਂ ਨੂੰ ਐਮਰਜੈਂਸੀ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਅਧਿਕਾਰੀਆਂ ਨੇ ਕਿਹਾ ਕਿ ਇਸ ਮੌਕ ਡਰਿੱਲ ਦਾ ਮੁੱਖ ਮਕਸਦ ਕਿਸੇ ਵੀ ਅਣਸੁਖਾਵੀਂ ਸਥਿਤੀ ਵਿੱਚ ਵੱਖ-ਵੱਖ ਵਿਭਾਗਾਂ ਦੀ ਤਿਆਰੀ, ਆਪਸੀ ਤਾਲਮੇਲ ਅਤੇ ਤੁਰੰਤ ਰਾਹਤ ਤੇ ਬਚਾਅ ਕਾਰਜਾਂ ਦੀ ਸਮਰੱਥਾ ਨੂੰ ਪਰਖਣਾ ਹੈ, ਤਾਂ ਜੋ ਲੋੜ ਪੈਣ ‘ਤੇ ਸਾਰੇ ਵਿਭਾਗ ਮਿਲ ਕੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰ ਸਕਣ।