Skip to content
ਅਮਿਤ ਨੱਖਵਾਲ | ਪੰਜਾਬ ਅਤੇ ਚੰਡੀਗੜ੍ਹ: ਪੰਜਾਬ ਵਿੱਚ ਨਵੰਬਰ ਮਹੀਨੇ ਦੌਰਾਨ ਵੀ ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਹੈਰਾਨ ਕੀਤਾ ਹੋਇਆ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲਣ ਕਾਰਨ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ 7 ਨਵੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਵੀ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਆਸ-ਪਾਸ ਬਣਿਆ ਹੋਇਆ ਹੈ। 6 ਨਵੰਬਰ ਨੂੰ ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਇੱਕ ਪੱਛਮੀ ਗੜਬੜੀ ਲੰਘ ਚੁੱਕੀ ਹੈ, ਜਦਕਿ 10 ਨਵੰਬਰ ਤੋਂ ਇੱਕ ਹੋਰ ਪੱਛਮੀ ਗੜਬੜੀ ਦੇ ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਇਸ ਤੋਂ ਬਾਅਦ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਦੌਰਾਨ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ਵੱਲੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਸਵੇਰ ਅਤੇ ਸ਼ਾਮ ਨੂੰ ਠੰਢ ਦਾ ਅਹਿਸਾਸ ਬਣਿਆ ਰਹੇਗਾ।
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਇਸ ਹਫ਼ਤੇ ਪੰਜਾਬ ਵਿੱਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪੂਰਬੀ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ ਅਤੇ ਲੁਧਿਆਣਾ ਸਮੇਤ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਉੱਤਰੀ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਅਤੇ ਬਾਕੀ ਜ਼ਿਲ੍ਹਿਆਂ ਵਿੱਚ 12 ਤੋਂ 14 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਕੁੱਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਦਿਨ ਵੇਲੇ ਧੁੱਪ ਅਤੇ ਗਰਮੀ ਦਾ ਅਹਿਸਾਸ ਰਹੇਗਾ, ਜਦਕਿ ਰਾਤਾਂ ਠੰਢੀਆਂ ਰਹਿਣਗੀਆਂ।
ਰਿਪੋਰਟ: ਅਮਿਤ ਨੱਖਵਾਲ
Related